ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਸਰਕਾਰਾਂ : ਬਡੂੰਗਰ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼ੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕੋ ਦੇਸ਼ ਵਿੱਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ । ਉਹਨਾਂ ਕਿਹਾ ਕਿ ਇੱਕ ਪਾਸੇ ਡੇਰਾ ਸਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਪੈਰੋਲ ਜਾਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਵੱਲੋਂ ਵਾਰ-ਵਾਰ ਇਹ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘ ਜਿਨਾਂ ਵੱਲੋਂ ਆਪਣੀ ਸਜ਼ਾ ਪੂਰੀ ਕੀਤੇ ਜਾਣ ਦੇ ਬਾਵਜੂਦ ਵੀ ਜੇਲਾਂ ਵਿੱਚ ਬੰਦ ਹੋਇਆਂ ਨੂੰ ਲੰਮਾ ਸਮਾਂ ਹੋ ਗਿਆ ਹੈ, ਉਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਅਜਿਹਾ ਕਰਕੇ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।