ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਪੰਜਾਬ ਬਚਾਓ ਤੇ ਕਿਸਾਨ ਬਚਾਓ’ ਯਾਤਰਾ ਕੱਢੇਗੀ ਭਾਜਪਾ

ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਖਿਲਾਫ ਭਾਜਪਾ ਨੇ ਵੀ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ। ਇਸ ਨੀਤੀ ਦੇ ਵਿਰੋਧ ਵਿੱਚ ਭਾਜਪਾ ਵੱਲੋਂ 17 ਅਗਸਤ ਤੋਂ ਪੰਜਾਬ ਭਰ ਵਿੱਚ &lsquoਪੰਜਾਬ ਬਚਾਓ ਅਤੇ ਕਿਸਾਨ ਬਚਾਓ&rsquo ਯਾਤਰਾ ਕੱਢੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਅਨਿਲ ਸਰੀਨ ਅਤੇ ਵਿਨੀਤ ਜੋਸ਼ੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਢਿੱਲੋ ਨੇ ਕਿਹਾ ਕਿ ਭਾਜਪਾ ਵੱਲੋਂ 17 ਅਗਸਤ ਨੂੰ ਪਟਿਆਲਾ ਤੋਂ &lsquoਪੰਜਾਬ ਬਚਾਓ ਅਤੇ ਕਿਸਾਨ ਬਚਾਓ&rsquo ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਯਾਤਰਾ 5 ਸਤੰਬਰ ਨੂੰ ਪਠਾਨਕੋਟ ਵਿੱਚ ਸਮਾਪਤ ਕੀਤੀ ਜਾਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤਬਾਹ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ।