ਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ

ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ ਗਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਨਖਾਹ ਸੁਣਾਈ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ।
ਪੰਜ ਸਿੰਘ ਸਾਹਿਬਾਨ ਵੱਲੋਂ ਕੈਬਨਿਟ ਮੰਤਰੀ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ ਅਤੇ ਇਨ੍ਹਾਂ ਅਸਥਾਨਾਂ &rsquoਤੇ ਵੀ ਮੁਰੰਮਤ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਨੂੰ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਕਿਹਾ ਗਿਆ ਹੈ।