ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲ

ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਇੱਕ ਇੰਚ ਜਮੀਨ ਵੀ ਕਿਸੇ ਨੂੰ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇਕ ਮਾਰਚ ਤੋਂ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੀ ਸ਼ੁਰੂਆਤ ਉਹ ਖ਼ੁਦ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 1 ਸਤੰਬਰ ਤੋਂ ਰੋਜ਼ਾਨਾ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਤੋਂ ਮੋਰਚਾ ਸ਼ੁਰੂ ਕੀਤਾ ਜਾਵੇਗਾ, ਜੋ ਕਿ ਮੁਹਾਲੀ ਦੇ 62 ਸੈਕਟਰ ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਤੱਕ ਜਾਇਆ ਕਰੇਗਾ।