ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਖ-ਵੱਖ ਗੁਰਦੁਆਰਿਆਂ ’ਚ ਸਹਾਇਤਾ ਕੇਂਦਰ ਸਥਾਪਤ

ਪੰਜਾਬ ਅੰਦਰ ਬਣੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਲੋਕਾਂ ਲਈ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੀਆਂ ਜ਼ਰੂਰਤਾਂ ਵਾਸਤੇ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ &rsquoਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਹਰ ਮੁਸ਼ਕਲ ਸਮੇਂ ਮਾਨਵਤਾ ਨਾਲ ਖੜ੍ਹੇ ਹੋਣਾ ਆਪਣਾ ਫ਼ਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਣੇ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਬੀਤੇ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸਹਾਇਤਾ ਕੇਂਦਰ ਸਥਾਪਤ ਕਰਕੇ ਲੋੜਵੰਦਾਂ ਦੀ ਮੱਦਦ ਲਈ ਮੈਨੇਜਰ ਸਾਹਿਬਾਨ ਨੂੰ ਹਦਾਇਤਾਂ ਕਰ ਦਿੱਤੀਆਂ ਸਨ। ਮੌਜੂਦਾ ਸਮੇਂ ਹੜ੍ਹਾਂ ਦੀ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ ਹਨ।