ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਵਾਣਾ ਗਹਿਰੀ ਚਿੰਤਾ ਦਾ ਵਿਸ਼ਾ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਹਿੰਦੇ ਪੰਜਾਬ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅੰਦਰ ਰਾਵੀ ਦਰਿਆ ਵਿੱਚ ਆਏ ਹੜ੍ਹ ਦਾ ਪਾਣੀ ਵੜਣ ਉੱਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਦਰਬਾਰ ਸਮੇਤ ਸਮੁੱਚੇ ਸਮੂਹ ਅੰਦਰ ਕਈ-ਕਈ ਫੁੱਟ ਪਾਣੀ ਨੇ ਮਾਰ ਕੀਤੀ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੇ ਮਨਾਂ ਅੰਦਰ ਗਹਿਰੀ ਚਿੰਤਾ ਵਾਲਾ ਮਾਹੌਲ ਬਣਿਆ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ ਦੇ ਕਾਰਨ ਲਹਿੰਦੇ ਅਤੇ ਚੜ੍ਹਦੇ ਪੰਜਾਬ ਵਾਲੇ ਪਾਸੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿੱਚ ਬਹੁਤ ਭਾਰੀ ਮਾਤਰਾ ਵਿੱਚ ਪਾਣੀ ਦਾ ਵਹਿਣ ਹੋਇਆ ਹੈ, ਜਿਸ ਨਾਲ ਦੋਵੇਂ ਪਾਸੇ ਫਸਲਾਂ, ਪਿੰਡਾਂ ਵਿੱਚ ਲੋਕਾਂ ਦੇ ਘਰਾਂ ਅਤੇ ਮਾਲ ਡੰਗਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਫ਼ਤ ਦੇ ਅਜਿਹੇ ਸਮੇਂ ਵਿੱਚ ਸਾਨੂੰ ਇਕ ਦੂਜੇ ਦਾ ਸਹਾਰਾ ਬਣਦਿਆਂ ਮੁਸੀਬਤ ਵਿੱਚ ਫਸੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਵੇ ਕੁਦਰਤ ਦੇ ਅੱਗੇ ਕਿਸੇ ਦਾ ਵੱਸ ਨਹੀਂ ਲੇਕਿਨ ਸਰਕਾਰਾਂ ਨੂੰ ਆਪਣੀ ਬਣਦੀ ਭੂਮਿਕਾ ਠੀਕ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਅਜਿਹੀ ਆਫ਼ਤ ਤੋਂ ਬਚਾਇਆ ਜਾ ਸਕੇ।