ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਨਿੱਘੀ ਯਾਦ ਵਿੱਚ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਵਿਖੇ ਕਰਵਾਇਆ ਸਾਲਾਨਾ ਬਰਸੀ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਮਹਾਨ ਤਪੱਸਵੀ ਬ੍ਰਹਮ ਗਿਆਨੀ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀ ਸਲਾਨਾ ਬਰਸੀ ਹਰ ਸਾਲ ਪੰਜਾਬ ਵਿੱਚ ਉਨ੍ਹਾਂ ਦੇ ਅਸਥਾਨਾਂ ਤੇ ਸਮੂਹ ਸੰਗਤਾਂ ਵਲੋਂ ਬਹੁਤ ਹੀ ਅਦਬ, ਸਤਿਕਾਰ ਤੇ ਸ਼ਰਧਾ ਨਾਲ ਮਨਾਈ ਜਾਂਦੀ ਹੈ ਉਥੇ ਹੀ ਇਟਲੀ ਵਿੱਚ ਹਰ ਸਾਲ ਸੰਗਤਾਂ ਵੱਲੋਂ ਮਹਾਂਪੁਰਸ਼ਾਂ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ ਲਾਸੀਓ ਸੂਬੇ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਨੇੜੇ ਰੋਮ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਤੇ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ ਉਪਰੰਤ ਭਾਈ ਮਨਿੰਦਰ ਸਿੰਘ ਖਾਲਸਾ (ਬਟਾਲੇ ਵਾਲਿਆਂ) ਦੇ ਕੀਰਤਨੀ ਜੱਥੇ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਦੂਰੋਂ ਨੇੜਿਓਂ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਿੱਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਸਰਵਣ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।