ਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਜਾਣ ਕਰਕੇ 4 ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਕਾਂਗਰਸ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ &rsquoਤੇ ਪੜਤਾਲ ਕਰਵਾਈ ਗਈ ਸੀ।

ਪੜਤਾਲ ਰਿਪੋਰਟ ਅੱਜ ਮਿਲਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ &rsquoਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।