ਸਿੱਖਾਂ ਦੀ ਆਸਥਾ ਨਾਲ ਖਿਲਵਾੜ: ਮੋਦੀ ਸਰਕਾਰ ਦੇ ਦੋਹਰੇ ਮਾਪਦੰਡ

-ਰਜਿੰਦਰ ਸਿੰਘ ਪੁਰੇਵਾਲ

ਭਾਰਤ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਤੋਂ ਰੋਕਣ ਦਾ ਫੈਸਲਾ ਨਾ ਸਿਰਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਸਗੋਂ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਦੋਹਰੇ ਮਾਪਦੰਡਾਂ ਨੂੰ ਵੀ ਸਾਹਮਣੇ ਲਿਆਉਂਦਾ ਹੈ| 12 ਸਤੰਬਰ 2025 ਦੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਐਡਵਾਈਜ਼ਰੀ, ਜਿਸ ਵਿੱਚ ਸੁਰੱਖਿਆ ਚਿੰਤਾਵਾਂ ਅਤੇ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਤਣਾਅ ਦਾ ਹਵਾਲਾ ਦਿੱਤਾ ਗਿਆ, ਸਿੱਖ ਸੰਗਤਾਂ ਨੂੰ ਪਵਿੱਤਰ ਸਥਾਨਾਂ ਤੋਂ ਵਾਂਝਿਆਂ ਕਰਨ ਦਾ ਬਹਾਨਾ ਬਣਾਇਆ ਗਿਆ| ਇਸ ਦੇ ਉਲਟ, ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ, ਜਿਵੇਂ ਕਿ 14 ਸਤੰਬਰ 2025 ਨੂੰ ਦੁਬਈ ਵਿੱਚ ਹੋਇਆ ਏਸ਼ੀਆ ਕੱਪ ਮੈਚ, ਨੂੰ ਹਰੀ ਝੰਡੀ ਦਿੱਤੀ ਗਈ| ਇਹ ਸਪੱਸ਼ਟ ਕਰਦਾ ਹੈ ਕਿ ਸਰਕਾਰ ਲਈ ਖੇਡਾਂ ਦੀ ਅਹਿਮੀਅਤ ਸਿੱਖਾਂ ਦੀ ਧਾਰਮਿਕ ਆਸਥਾ ਨਾਲੋਂ ਵੱਧ ਹੈ|
ਸਿੱਖ ਪੰਥ ਲਈ ਗੁਰਧਾਮਾਂ ਦੇ ਦਰਸ਼ਨ ਸਿਰਫ਼ ਯਾਤਰਾ ਨਹੀਂ, ਸਗੋਂ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹਨ| 1947 ਦੀ ਵੰਡ ਨੇ ਸਿੱਖਾਂ ਨੂੰ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਰਗੇ ਪਵਿੱਤਰ ਅਸਥਾਨਾਂ ਤੋਂ ਵਿਛੋੜ ਦਿੱਤਾ| 1950 ਦੇ ਨਹਿਰੂ-ਲਿਆਕਤ ਸਮਝੌਤੇ ਨੇ ਸਿੱਖਾਂ ਨੂੰ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਸੀ, ਪਰ ਮੋਦੀ ਸਰਕਾਰ ਦੀਆਂ ਵਾਰ-ਵਾਰ ਪਾਬੰਦੀਆਂ ਨੇ ਇਸ ਸਮਝੌਤੇ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ| ਜੂਨ 2019, ਮਾਰਚ 2020, ਮਈ 2025 ਅਤੇ ਜੂਨ 2025 ਵਿੱਚ ਵੀ ਸਿੱਖ ਜਥਿਆਂ ਨੂੰ ਰੋਕਿਆ ਗਿਆ| ਇਹ ਪੈਟਰਨ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਨੂੰ ਸਾਹਮਣੇ ਲਿਆਉਂਦਾ ਹੈ|
ਸੁਰੱਖਿਆ ਦਾ ਬਹਾਨਾ ਬਣਾਉਣਾ ਸਰਕਾਰ ਦੀ ਨੀਅਤ ਤੇ ਸਵਾਲ ਖੜ੍ਹੇ ਕਰਦਾ ਹੈ| ਜੇ ਅਮਰਨਾਥ ਯਾਤਰਾ ਅੱਤਵਾਦੀ ਖਤਰਿਆਂ ਦੇ ਬਾਵਜੂਦ ਜਾਰੀ ਰਹਿ ਸਕਦੀ ਹੈ, ਤਾਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਉੱਚ ਪੱਧਰੀ ਸੁਰੱਖਿਆ ਮਿਲਣ ਦੇ ਬਾਵਜੂਦ ਕਿਉਂ ਰੋਕਿਆ ਜਾ ਰਿਹਾ ਹੈ? ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੀ ਸਵਾਲ ਉਠਾਇਆ ਕਿ ਸੁਰੱਖਿਆ ਯਕੀਨੀ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ| ਜੇ ਸਰਕਾਰ ਨੂੰ ਸੁਰੱਖਿਆ ਸੰਬੰਧੀ ਜਾਣਕਾਰੀ ਹੈ, ਤਾਂ ਵਿਦੇਸ਼ ਮੰਤਰਾਲੇ ਰਾਹੀਂ ਪਾਕਿਸਤਾਨ ਨਾਲ ਗੱਲਬਾਤ ਕਰਕੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਕਿਉਂ ਨਹੀਂ ਬਣਾਇਆ ਜਾ ਰਿਹਾ? ਇਸ ਦੀ ਬਜਾਏ, ਸਿੱਖ ਸੰਗਤਾਂ ਨੂੰ ਪੂਰੀ ਤਰ੍ਹਾਂ ਰੋਕਣਾ ਨਾ ਸਿਰਫ਼ ਅਨੁਚਿਤ ਹੈ, ਸਗੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ|
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਅਰਦਾਸ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ| ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਿੱਖ ਸੰਗਤ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ, ਪਰ ਸਰਕਾਰ ਦੀਆਂ ਪਾਬੰਦੀਆਂ ਨੇ ਇਸ ਨੂੰ ਅਸੰਭਵ ਬਣਾ ਦਿੱਤਾ| ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ  ਸੁਖਬੀਰ ਸਿੰਘ ੜਬਾਦਲ, ਪਰਮਜੀਤ ਸਿੰਘ ਸਰਨਾ ਨੇ ਵੀ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪਾਬੰਦੀ ਸਿੱਖਾਂ ਦੀ ਆਸਥਾ ਨਾਲ ਖਿਲਵਾੜ ਹੈ|
ਸਾਡਾ ਮੰਨਣਾ ਹੈ ਕਿ ਮੋਦੀ ਸਰਕਾਰ ਦਾ ਇਹ ਫੈਸਲਾ ਸਿੱਖਾਂ ਦੇ ਵਿਸ਼ਵਾਸ ਨੂੰ ਡੋਲਣ ਵਾਲਾ ਹੈ| ਜਦੋਂ ਸਰਕਾਰ ਕ੍ਰਿਕਟ ਵਰਗੀਆਂ ਗਤੀਵਿਧੀਆਂ ਨੂੰ ਇਜਾਜ਼ਤ ਦਿੰਦੀ ਹੈ, ਪਰ ਧਾਰਮਿਕ ਯਾਤਰਾਵਾਂ ਤੇ ਪਾਬੰਦੀ ਲਗਾਉਂਦੀ ਹੈ, ਤਾਂ ਇਹ ਸਪੱਸ਼ਟ ਹੁੰਦਾ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ| ਇਸ ਨਾਲ ਸਿੱਖ ਭਾਈਚਾਰੇ ਵਿੱਚ ਸਰਕਾਰ ਪ੍ਰਤੀ ਬੇਭਰੋਸਗੀ ਵਧੇਗੀ| ਪੰਥਕ ਜਥੇਬੰਦੀਆਂ ਦੀ ਮੰਗ ਸਹੀ ਹੈ ਕਿ ਸਰਕਾਰ ਨੂੰ ਇਸ ਪਾਬੰਦੀ ਨੂੰ ਤੁਰੰਤ ਹਟਾਉਣਾ ਚਾਹੀਦਾ ਅਤੇ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਦੇਣੀ ਚਾਹੀਦੀ|
ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਸੰਗਤਾਂ ਦੀ ਆਸਥਾ ਦਾ ਸਤਿਕਾਰ ਕਰੇ ਅਤੇ ਪਾਕਿਸਤਾਨ ਨਾਲ ਕੂਟਨੀਤਕ ਪੱਧਰ &rsquoਤੇ ਗੱਲਬਾਤ ਕਰਕੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਏ| ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਪੂਰਾ ਕਰਨਾ ਵੀ ਜ਼ਰੂਰੀ ਹੈ, ਜਿਸ ਨਾਲ ਸਿੱਖ ਸੰਗਤ ਨੂੰ ਆਪਣੇ ਗੁਰੂ ਸਾਹਿਬ ਨਾਲ ਜੁੜਨ ਦਾ ਮੌਕਾ ਮਿਲ ਸਕੇ| ਪਾਕਿਸਤਾਨ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਸਕਾਰਾਤਮਕ ਰਵੱਈਆ ਅਪਣਾਉਣਾ ਚਾਹੀਦਾ| ਪਾਕਿਸਤਾਨ ਨੇ ਹਮੇਸ਼ਾ ਸਿੱਖ ਸ਼ਰਧਾਲੂਆਂ ਨੂੰ ਉੱਚ ਪੱਧਰੀ ਸੁਰੱਖਿਆ ਅਤੇ ਸਤਿਕਾਰ ਦਿੱਤਾ ਹੈ| ਉਸ ਨੂੰ ਭਾਰਤ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਕਿ ਮੋਦੀ ਸਰਕਾਰ ਨੂੰ ਤੁਰੰਤ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਅਤੇ ਸਿੱਖ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਦੀ ਇਜਾਜ਼ਤ ਦੇਣੀ ਚਾਹੀਦੀ|
-ਰਜਿੰਦਰ ਸਿੰਘ ਪੁਰੇਵਾਲ