ਜਗਤਾਰ ਸਿੰਘ ਹਵਾਰਾ ਨੂੰ ਵਕਤੀ ਜ਼ਮਾਨਤ ਦਿੱਤੀ ਜਾਵੇ: ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਵਕਤੀ ਜ਼ਮਾਨਤ ਦਿੱਤੀ ਜਾਵੇ। ਅੱਜ ਉਨ੍ਹਾਂ ਨੇ ਬਜ਼ੁਰਗ ਮਾਤਾ ਨਰਿੰਦਰ ਕੌਰ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਮਨੁੱਖੀ ਅਧਿਕਾਰਾਂ ਤੇ ਕਦਰਾਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਨਾਲ ਮੁਲਾਕਾਤ ਕਰਵਾਉਣ ਲਈ ਉਨ੍ਹਾਂ ਨੂੰ ਵਕਤੀ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੇ ਮਾਤਾ ਦੀ ਸਿਹਤ ਕਾਫ਼ੀ ਢਿੱਲੀ ਹੈ। ਪਰਿਵਾਰ ਅਨੁਸਾਰ ਮਾਤਾ ਜੀ ਦੀ ਯਾਦ ਸ਼ਕਤੀ ਕਾਫ਼ੀ ਕਮਜ਼ੋਰ ਪੈ ਚੁੱਕੀ ਹੈ। ਅਜਿਹੇ ਵੇਲੇ ਇਹ ਅਤਿ ਜ਼ਰੂਰੀ ਹੈ ਕਿ ਸਰਕਾਰ ਨਿਆਂਪੂਰਨ ਪਹੁੰਚ ਅਪਣਾ ਕੇ ਲੰਮੇ ਸਮੇਂ ਤੋਂ ਇੱਕ ਦੂਜੇ ਨਾਲ ਮੁਲਾਕਾਤ ਲੋਚਦੇ ਬੀਬੀ ਨਰਿੰਦਰ ਕੌਰ ਤੇ ਉਨ੍ਹਾਂ ਦੇ ਪੁੱਤਰ ਭਾਈ ਹਵਾਰਾ ਦੀ ਮੁਲਾਕਾਤ ਵਾਸਤੇ ਉਸ ਨੂੰ ਜ਼ਮਾਨਤ ਦੇਵੇ।