ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ ਸਰਕਾਰ: ਪੀਰਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਮਨੁੱਖਤਾਵਾਦੀ ਪਹੁੰਚ ਅਪਣਾਉਂਦਿਆਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਪੀਰਮੁਹੰਮਦ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸੱਚੇ ਦਿਲੋਂ &lsquoਹਿੰਦ ਦੀ ਚਾਦਰ&rsquo ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ &rsquoਤੇ ਚੱਲਣਾ ਪਵੇਗਾ। ਗੁਰੂ ਸਾਹਿਬ ਨੇ ਜ਼ੁਲਮ ਖ਼ਿਲਾਫ਼ ਅਤੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ ਸੀ। ਅੱਜ ਉਸੇ ਦੇਸ਼ ਵਿੱਚ ਬੰਦੀ ਸਿੰਘ ਦਹਾਕਿਆਂ ਤੋਂ ਨਿਆਂ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ &rsquoਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਖੁੱਲ੍ਹੀ ਚਿੱਠੀ ਭੇਜੀ ਜਾ ਰਹੀ ਹੈ। ਇਸ ਚਿੱਠੀ &rsquoਤੇ ਦੇਸ਼ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ, ਲੇਖਕਾਂ ਅਤੇ ਸੇਵਾ-ਮੁਕਤ ਜੱਜਾਂ ਦੇ ਦਸਤਖ਼ਤ ਵੀ ਲਏ ਜਾਣਗੇ ਤਾਂ ਜੋ ਸਰਕਾਰ ਤੱਕ ਕੌਮ ਦੀ ਸਾਂਝੀ ਆਵਾਜ਼ ਪਹੁੰਚ ਸਕੇ।