ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

 ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਤੋਂ ਹੋਈ ਅਤੇ ਇਹ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਸਮਾਪਤ ਹੋਵੇਗਾ।
ਇਸ ਮੌਕੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਸੀ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੀ ਅਕਾਲ ਤਖਤ ਤੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ , ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।