ਜੰਮੂ ਕਸ਼ਮੀਰ ’ਚ ਬੇਅਦਬੀ: ਕੇਂਦਰ ਸਰਕਾਰ ਕਾਨੂੰਨ ਵਿਚ ਸੋਧ ਕਰ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਪ੍ਰਬੰਧ ਕਰੇ: ਧਾਮੀ

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ &rsquoਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਬੇਹੱਦ ਦੁਖਦ ਮਾਮਲਾ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਸ ਸਾਜ਼ਿਸ਼ ਦਾ ਪਤਾ ਲਗਾਏ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਥ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨਾ ਕੌਮ ਦੀਆਂ ਭਾਵਨਾਵਾਂ &rsquoਤੇ ਸਿੱਧਾ ਹਮਲਾ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰ ਸਕਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਦੇਸ਼ ਦੇ ਕਾਨੂੰਨ ਵਿਚ ਸੋਧ ਕਰਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸਰਕਾਰਾਂ ਨੇ ਸਖ਼ਤ ਕਾਨੂੰਨ ਲਿਆਉਣ ਦੀ ਕਈ ਵਾਰ ਗੱਲਾਂ ਕੀਤੀਆਂ ਹਨ, ਪ੍ਰੰਤੂ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਵਿਖੇ ਘਟਨਾ ਸਥਾਨ &rsquoਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਹਰਭਿੰਦਰ ਸਿੰਘ ਨੂੰ ਜਾਂਚ ਟੀਮ ਵਜੋਂ ਭੇਜ ਕੇ ਮੁਕੰਮਲ ਰਿਪੋਰਟ ਮੰਗੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਪਾਵਨ ਸਰੂਪ ਸੰਭਾਲੇ ਜਾਣ ਦੀ ਕਾਰਵਾਈ ਕੀਤੀ ਜਾਵੇ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਲਈ ਵੀ ਜ਼ਿੰਮੇਵਾਰੀ ਨਿਭਾਈ ਜਾਵੇ।