ਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆ

ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ ਤੋਂ ਦਸ ਦਿਨ ਬਾਅਦ ਈ-ਮੇਲ ਰਾਹੀਂ ਭੇਜਿਆ ਗਿਆ ਹੈ। ਇਸ ਮੈਮੋਰੰਡਮ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਗਸਤ ਤੇ ਸਤੰਬਰ ਮਹੀਨੇ ਦੌਰਾਨ ਆਏ ਹੜ੍ਹਾਂ ਕਾਰਨ ਹੋਏ 13,832 ਕਰੋੜ ਰੁਪਏ ਦੇ ਨੁਕਸਾਨ ਦੇ ਵੇਰਵੇ ਸਾਂਝੇ ਕੀਤੇ ਹਨ। ਮੁੱਖ ਮੰਤਰੀ ਨੇ ਇਸ ਗੱਲ ਦੀ ਪੁਸ਼ਟੀ ਰਾਜ ਸਭਾ ਚੋਣ ਲਈ &lsquoਆਪ&rsquo ਉਮੀਦਵਾਰ ਰਾਜਿੰਦਰ ਗੁਪਤਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪੂਰੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਹੁਣ ਕੇਂਦਰ ਸਰਕਾਰ ਪੰਜਾਬ ਪ੍ਰਤੀ ਹਮਦਰਦੀ ਦਿਖਾਉਂਦੇ ਹੋਏ ਫੰਡ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਸੂਬੇ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਸਿਰਫ਼ 1600 ਕਰੋੜ ਰੁਪਏ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੈਸੇ ਐੱਨ ਐੱਚ ਏ ਆਈ ਦੀਆਂ ਸੜਕਾਂ ਲਈ ਜਾਰੀ ਕੀਤੇ ਗਏ ਸਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਘੱਟ ਤੇ ਐੱਨ ਐੱਚ ਏ ਆਈ ਦੀਆਂ ਸੜਕਾਂ ਦੀ ਵੱਧ ਫਿਕਰ ਹੈ।