ਕੈਨੇਡਾ ਦੀ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਮੁਲਕਾਂ ਵੱਲੋਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ &rsquoਤੇ ਜ਼ੋਰ ਦਿਤਾ ਗਿਆ। ਪ੍ਰਧਾਨ ਮੰਤਰੀ ਨੇ ਅਨੀਤਾ ਆਨੰਦ ਰਾਹੀਂ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨੂੰ ਸ਼ੁਭ ਇਛਾਵਾਂ ਭੇਜੀਆਂ ਅਤੇ ਭਵਿੱਖ ਵਿਚ ਰਿਸ਼ਤੇ ਹੋਰ ਬਿਹਤਰ ਬਣਾਉਣ ਦੀ ਖਾਹਿਸ਼ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਊਰਜਾ, ਤਕਨੀਕ ਅਤੇ ਖੇਤੀ ਸੈਕਟਰ ਵਿਚ ਸਹਿਯੋਗ ਵਧਾਉਣ ਸਣੇ ਫੁਟਕਲ ਵਪਾਰ ਨੂੰ ਹੁਲਾਰਾ ਦਿਤੇ ਜਾਣ ਦੀਆਂ ਅਪਾਰ ਸੰਭਾਵਨਾਵਾਂ ਮੌਜੂਦ ਹਨ। ਇਸੇ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਭਾਰਤ ਦੌਰਾ ਦੋਹਾਂ ਮੁਲਕਾਂ ਵਿਚਾਲੇ ਆਰਥਿਕ ਸਹਿਯੋਗ ਵਧਾਉਣ ਵਿਚ ਸਹਾਈ ਸਾਬਤ ਹੋਵੇਗਾ। ਸਿਰਫ ਐਨਾ ਹੀ ਨਹੀਂ ਕੈਨੇਡਾ ਵਿਚ ਵਸਦੇ ਭਾਰਤੀ ਮੂਲ ਦੇ ਲੋਕਾਂ ਰਾਹੀਂ ਦੋਹਾਂ ਮੁਲਕਾਂ ਵਿਚਾਲੇ ਸਭਿਆਚਾਰਕ ਵਟਾਂਦਰਾ ਵੀ ਕੀਤਾ ਜਾ ਸਕਦਾ ਹੈ। ਨਵੀਂ ਦਿੱਲੀ ਤੋਂ ਬਾਅਦ ਅਨੀਤਾ ਆਨੰਦ ਮੁੰਬਈ ਜਾਣਗੇ ਜਿਥੇ ਭਾਰਤੀ ਕਾਰੋਬਾਰੀ ਆਗੂਆਂ ਨਾਲ ਮੁਲਾਕਾਤ ਕਰਦਿਆਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਰਾਹ ਤਲਾਸ਼ ਕੀਤੇ ਜਾਣਗੇ।