ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ

ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਰਤ ਅਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਭਾਰਤ ਵਿੱਚ ਜਿੱਥੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ,ਉੱਥੇ ਪਾਕਿਸਤਾਨ ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਅੱਜ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਨਗਰ ਕੀਰਤਨ ਸਜਾਇਆ ਗਿਆ ਅਤੇ ਦੇਰ ਰਾਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਗੁਰੂ ਸਾਹਿਬ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਮੈਂਬਰ ਬੀਬੀ ਗੁਰਿੰਦਰ ਕੌਰ ਅਤੇ ਗੁਰਮੀਤ ਸਿੰਘ ਬੂਹ ਨੇ ਵੱਡੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ।