ਸੈਨੇਟ ਚੋਣਾਂ ਬਾਰੇ ਅਲਟੀਮੇਟਮ: ਫ਼ੈਸਲਾ ਨਾ ਕਰਨ ’ਤੇ 26 ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਵਾਉਣ ਦੀ ਮੰਗ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇ ਤਰੀਕਾਂ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਪੀ ਯੂ ਅਥਾਰਿਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਪੰਜਾਬ ਦੀਆਂ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਕਿਸਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸਾਰੀਆਂ ਜਥੇਬੰਦੀਆਂ ਨੇ ਭਾਜਪਾ ਅਤੇ ਆਰ ਐੱਸ ਐੱਸ ਵੱਲੋਂ ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਨਵੀਂ ਸਿੱਖਿਆ ਨੀਤੀ-2020 ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ, ਜਿਸ ਰਾਹੀਂ ਨਿੱਜੀਕਰਨ, ਕੇਂਦਰੀਕਰਨ ਅਤੇ ਸਿੱਖਿਆ ਦੇ ਭਗਵੇਂਕਰਨ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੀ ਸੈਨੇਟ &rsquoਤੇ ਹੋਇਆ ਹਮਲਾ ਵੀ ਇਸੇ ਯੋਜਨਾ ਦਾ ਹਿੱਸਾ ਦੱਸਿਆ ਗਿਆ। ਜਥੇਬੰਦੀਆਂ ਨੇ ਦੁਹਰਾਇਆ ਕਿ ਪੰਜਾਬ ਦਾ ਯੂਨੀਵਰਸਿਟੀ ਉਤੇ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ। ਇਸ ਲਈ ਇਹ ਸੰਘਰਸ਼ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਤੱਕ ਵਧਾਇਆ ਜਾਣਾ ਲਾਜ਼ਮੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਪੰਜਾਬ ਬਨਾਮ ਹਰਿਆਣਾ ਵਾਂਗ ਪੇਸ਼ ਕਰਕੇ ਲੋਕਾਂ ਵਿਚ ਫ਼ਰਕ ਪੈਦਾ ਕਰਨ ਦੀ ਕੋਸ਼ਿਸ਼ ਦੀ ਵੀ ਤਿੱਖੀ ਨਿੰਦਾ ਕੀਤੀ।