ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦੇ ਵਿਰੋਧ ਵਿੱਚ ਰੋਸ ਮਾਰਚ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਸਮਰਥਕਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ ਸਰਕਾਰ ਵੱਲੋਂ ਰੱਦ ਕਰ ਦਿੱਤੇ ਜਾਣ ਦੇ ਵਿਰੋਧ ਵਿੱਚ ਰਣਜੀਤ ਐਵੇਨਿਊ ਤੋਂ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਗਲਾਂ ਵਿੱਚ ਸੰਗਲ ਪਾ ਕੇ ਅਤੇ ਪੱਗਾਂ &rsquoਤੇ ਕਾਲੇ ਰਿਬਨ ਬੰਨ੍ਹ ਕੇ ਰੋਸ ਮਾਰਚ ਕੀਤਾ ਗਿਆ ਅਤੇ ਧਰਨਾ ਦਿੱਤਾ ਗਿਆ।
ਮਾਰਚ ਦੀ ਅਗਵਾਈ ਮੈਂਬਰ ਪਾਰਲੀਮੈਂਟ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਲੋਂ ਕੀਤੀ ਗਈ। ਡੀ ਸੀ ਦਫ਼ਤਰ ਦੇ ਬਾਹਰ ਦਿੱਤੇ ਗਏ ਧਰਨੇ ਵਿੱਚ ਜਥੇਬੰਦੀ ਦੀ ਲੀਡਰਸ਼ਿਪ, ਕਿਸਾਨ ਜਥੇਬੰਦੀਆਂ, ਸਿੱਖ ਜਥੇਬੰਦੀਆਂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਧਰਨੇ ਦੌਰਾਨ ਪੰਜਾਬ ਸਰਕਾਰ ਦੀ ਰਾਜਨੀਤਕ ਧੱਕੇਸ਼ਾਹੀ ਤੇ ਪੈਰੋਲ ਰੱਦ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਮੰਗ ਪੱਤਰ ਦੇ ਕੇ ਭਾਰਤ ਦੇ ਰਾਸ਼ਟਰਪਤੀ, ਸਪੀਕਰ ਲੋਕ ਸਭਾ ਅਤੇ ਪੰਜਾਬ ਦੇ ਗਵਰਨਰ ਤੋਂ ਤੁਰੰਤ ਦਖ਼ਲ ਦੇ ਕੇ ਨਿਆਂ ਦੀ ਮੰਗ ਕੀਤੀ ਗਈ।