ਗੋਲੀਕਾਂਡ ‘ਚ 55 ਸਾਲਾ ਵਿਅਕਤੀ ਦੀ ਮੌਤ

ਲੈਸਟਰ (ਇੰਗਲੈਂਡ),  (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਉੱਤਰੀ-ਪੱਛਮੀ ਇਲਾਕੇ ਦੇ ਸਟੋਨਬ੍ਰਿਜ ਵਿੱਚ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ 55 ਸਾਲਾ ਵਿਅਕਤੀ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਮੈਟਰੋਪੋਲਿਟਨ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਵੈਸਟ ਐਂਡ ਕਲੋਜ਼ ਇਲਾਕੇ ਵਿੱਚ ਗੋਲੀ ਚਲਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ &lsquoਤੇ ਪਹੁੰਚ ਗਈਆਂ। ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਘਟਨਾ ਸਥਾਨ &lsquoਤੇ ਹੀ ਦਮ ਤੋੜ ਦਿੱਤਾ।ਘਟਨਾ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰਾਬੰਦੀ ਹੇਠ ਲਿਆ ਗਿਆ ਅਤੇ ਫ਼ੋਰੈਂਸਿਕ ਟੀਮਾਂ ਨੇ ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰ ਜਾਂ ਹਮਲਾਵਰਾਂ ਬਾਰੇ ਕੋਈ ਸੁਰਾਗ ਮਿਲ ਸਕੇ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਦੀ ਪਹਿਚਾਣ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਜਾਰੀ ਹੈ। ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੇ ਘਟਨਾ ਵੇਲੇ ਕੁਝ ਸ਼ੱਕੀ ਦੇਖਿਆ ਹੋਵੇ ਜਾਂ ਕੋਲ ਕੋਈ ਜਾਣਕਾਰੀ ਹੋਵੇ, ਤਾਂ ਉਹ ਅੱਗੇ ਆ ਕੇ ਜਾਂਚ ਵਿੱਚ ਸਹਿਯੋਗ ਦੇਣ।ਇਸ ਗੋਲੀਕਾਂਡ ਤੋਂ ਬਾਅਦ ਸਥਾਨਕ ਵਸਨੀਕਾਂ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ।