ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫੇ ਦੀ ਪੇਸ਼ਕਸ਼!

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤੀ ਦੇ ਪ੍ਰਧਾਨ ਅਤੇ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਅਤੇ ਪੰਥ ਦੇ ਹਿੱਤ ਹੇਠ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਨੇ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਹੋਈ ਪਾਰਟੀ ਮੀਟਿੰਗ ਵਿੱਚ ਸਵੈ-ਇੱਛਾ ਨਾਲ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਇਸ ਪਾਰਟੀ ਦੇ ਕੁਝ ਆਗੂਆਂ ਦਰਮਿਆਨ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਮਤਭੇਦ ਹੋਏ ਸਨ ਕਿਉਂਕਿ ਪਾਰਟੀ ਨੇ ਕੁਝ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਕੀਤਾ ਸੀ। ਇਸ ਤੋਂ ਕਈ ਆਗੂ ਨਾਰਾਜ਼ ਸਨ।

ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੋ ਦਿਨ ਪਹਿਲਾਂ ਇਹ ਕਹਿ ਕੇ ਚਰਚਾ ਛੇੜ ਦਿੱਤੀ ਸੀ ਕਿ ਉਹ ਕਦੇ ਵੀ ਕਿਸੇ ਖਾਸ ਧੜੇ ਨਾਲ ਸਬੰਧਤ ਨਹੀਂ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ (ਇਆਲੀ) ਨੂੰ ਅਕਾਲ ਤਖਤ ਸਾਹਿਬ ਵੱਲੋਂ ਡਿਊਟੀਆਂ ਸੌਂਪੀਆਂ ਗਈਆਂ ਸਨ ਤੇ ਅਕਾਲੀ ਦਲ ਨੂੰ ਬਹਾਲ ਕਰਨ ਲਈ ਉਨ੍ਹਾਂ ਇਮਾਨਦਾਰੀ ਨਾਲ ਕੰਮ ਕੀਤਾ ਸੀ ਪਰ ਉਹ ਕਦੇ ਵੀ ਕਿਸੇ ਰਾਜਨੀਤਕ ਧੜੇ ਨਾਲ ਸਬੰਧਤ ਨਹੀਂ ਸੀ।