ਲੈਸਟਰ ’ਚ ਘਰ ਨੂੰ ਲੱਗੀ ਭਿਆਨਕ ਅੱਗ, ਨੰਨੀ ਬੱਚੀ ਦੀ ਮੌਤ

 ਸਟਰ (ਇੰਗਲੈਂਡ), 28 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਡ ਦੇ ਸ਼ਹਿਰ ਲੈਸਟਰ ਦੇ ਇੱਕ ਸ਼ਾਂਤ ਰਿਹਾਇਸ਼ੀ ਇਲਾਕੇ ਵਿੱਚ ਅਚਾਨਕ ਵਾਪਰੀ ਭਿਆਨਕ ਅੱਗ ਦੀ ਘਟਨਾ ਨੇ ਪੂਰੇ ਸ਼ਹਿਰ ਨੂੰ ਸੋਗ ਵਿੱਚ ਡੁਬੋ ਦਿੱਤਾ। ਇਕ ਘਰ ਵਿੱਚ ਲੱਗੀ ਅੱਗ ਕਾਰਨ ਇੱਕ ਨੰਨੀ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੂਜੇ ਬੱਚੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਅਤੇ ਕਾਲੇ ਧੂੰਏਂ ਨੇ ਪਲਾਂ ਵਿੱਚ ਹੀ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸ਼ਾਮ ਦੇ ਸਮੇਂ ਅਚਾਨਕ ਘਰ ਵਿੱਚ ਅੱਗ ਭੜਕ ਉੱਠੀ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀ ਤੀਬਰਤਾ ਦੇਖ ਕੇ ਨੇੜਲੇ ਘਰਾਂ ਦੇ ਵਸਨੀਕ ਘਰਾਂ ਤੋਂ ਬਾਹਰ ਨਿਕਲ ਆਏ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਇਨਸਾਨੀਅਤ ਦੀ ਮਿਸਾਲ ਕਾਇਮ ਕਰਦਿਆਂ ਕੁਝ ਸਥਾਨਕ ਨਿਵਾਸੀਆਂ ਨੇ ਅੱਗ ਵਿੱਚ ਘਿਰੇ ਘਰ ਅੰਦਰ ਦਾਖਲ ਹੋ ਕੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਘਣੇ ਧੂੰਏਂ ਅਤੇ ਭਿਆਨਕ ਲਪਟਾਂ ਕਾਰਨ ਉਹ ਅੰਦਰ ਨਹੀਂ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਤੇਜ਼ ਸੀ ਕਿ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਸੀ। ਸੂਚਨਾ ਮਿਲਦੇ ਹੀ ਮੌਕੇ &lsquoਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ, ਐਂਬੂਲੈਂਸਾਂ ਅਤੇ ਪੁਲਿਸ ਟੀਮਾਂ ਪਹੁੰਚ ਗਈਆਂ। ਫਾਇਰ ਫਾਇਟਰਾਂ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ &lsquoਤੇ ਕਾਬੂ ਪਾਇਆ। ਵਿਸ਼ੇਸ਼ ਸਾਜ਼ੋ-ਸਮਾਨ ਅਤੇ ਲੰਬੀਆਂ ਸੀੜੀਆਂ ਦੀ ਮਦਦ ਨਾਲ ਘਰ ਦੇ ਅੰਦਰ ਫਸੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਇੱਕ ਬੱਚੀ ਨੂੰ ਮੌਕੇ &lsquoਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੂਜੇ ਬੱਚੇ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਇਲਾਕੇ ਨੂੰ ਘੇਰਾਬੰਦੀ ਕਰਕੇ ਸੀਲ ਕਰ ਦਿੱਤਾ ਗਿਆ। ਫਾਇਰ ਸਰਵਿਸ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ &lsquoਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ, ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਦਰਦਨਾਕ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਨੇੜਲੇ ਵਸਨੀਕਾਂ ਨੇ ਦੱਸਿਆ ਕਿ ਉਹਨਾਂ ਨੇ ਕਦੇ ਵੀ ਇੰਨੀ ਭਿਆਨਕ ਅੱਗ ਨਹੀਂ ਦੇਖੀ। ਮਾਸੂਮ ਬੱਚੀ ਦੀ ਮੌਤ ਨੇ ਹਰ ਦਿਲ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਲੋਕਾਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅੱਗ ਤੋਂ ਬਚਾਅ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ।