ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ &rsquoਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਕੁਝ ਇਤਰਾਜ਼ਯੋਗ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ।
ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਇੱਕ ਉੱਚ ਸੰਵਿਧਾਨਕ ਅਹੁਦੇ ਤੇ ਬੈਠੇ ਹਨ ਪਰ ਉਨ੍ਹਾਂ ਦਾ ਅਜਿਹਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਲਿਖਿਆ ਕਿ ਪਤਿਤ ਹੋਣ ਕਾਰਨ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਨਹੀਂ ਸੱਦਿਆ ਜਾ ਸਕਦਾ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਨਿਜੀ ਤੌਰ ਤੇ ਪੇਸ਼ ਹੋਣ ਸਪਸ਼ਟੀਕਰਨ ਦੇਣ ਵਾਸਤੇ ਤਲਬ ਕੀਤਾ ਗਿਆ ਹੈ।