ਅੰਮ੍ਰਿਤਸਰ ਹਵਾਈ ਅੱਡੇ ਦੇ ਨਵੇਂ ਡਾਇਰੈਕਟਰ ਕੋਲ ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਨੇ ਯਾਤਰੀ ਸਹੂਲਤਾਂ ਤੇ ਬੁਨਿਆਦੀ ਢਾਂਚੇ ਦੇ ਅਹਿਮ ਮੁੱਦੇ ਉਠਾਏ

ਅੰਮ੍ਰਿਤਸਰ: ਅੰਮ੍ਰਿਤਸਰ ਵਿਕਾਸ ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਇੱਕ ਵਫ਼ਦ ਵੱਲੋਂ ਸ੍ਰੀ ਗੁਰੂ ਰਾਮ  ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਦੇ ਨਵ-ਨਿਯੁਕਤ ਡਾਇਰੈਕਟਰ ਸ੍ਰੀ ਭੁਪਿੰਦਰਾ ਸਿੰਘ ਨਾਲ ਮੁਲਾਕਾਤ ਕੀਤੀ ਗਈ। ਹਵਾਈ ਅੱਡੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਫ਼ਦ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਹਵਾਈ ਅੱਡੇ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਅਹਿਮ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਵਫ਼ਦ ਨੇ ਹਵਾਈ ਅੱਡੇ ਦੇ ਬੁਨਿਆਦੀ ਢਾਂਚੇ ਅਤੇ ਯਾਤਰੀ ਸਹੂਲਤਾਂ ਵਿੱਚ ਸੁਧਾਰ ਦੀ ਮੰਗ ਕਰਦਿਆਂ ਕਈ ਗੰਭੀਰ ਚਿੰਤਾਵਾਂ ਪ੍ਰਗਟਾਈਆਂ। ਇਨ੍ਹਾਂ ਵਿੱਚ ਪਾਰਕਿੰਗ ਵਿੱਚ ਯਾਤਰੀਆਂ ਤੋਂ ਕੀਤੀ ਜਾ ਰਹੀ ਵੱਧ ਵਸੂਲੀ, ਏਅਰਲਾਈਨਾਂ ਅਤੇ ਗਰਾਊਂਡ- ਹੈਂਡਲੰਿਗ ਸਟਾਫ਼ ਵੱਲੋਂ ਯਾਤਰੀਆਂ ਦੀ ਸਹਾਇਤਾ ਅਤੇ ਗਾਹਕ ਸੇਵਾ ਵਿੱਚ ਕਮੀ, ਇਨ-ਲਾਈਨ ਐਕਸ-ਰੇ ਬੈਗੇਜ ਦੇ ਸੰਚਾਲਨ ਵਿੱਚ ਆ ਰਹੀਆਂ ਦਿੱਕਤਾਂ, ਪਖਾਨਿਆਂ ਦੀ ਮਾੜੀ ਹਾਲਤ ਅਤੇ ਟਰਮੀਨਲ ਬਿਲਡਿੰਗ ਦੇ ਕੁਝ ਹਿੱਸਿਆਂ ਵਿੱਚੋਂ ਪਾਣੀ ਦੇ ਲੀਕ ਵਰਗੇ ਮੁੱਦੇ ਪ੍ਰਮੁੱਖ ਸਨ। ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਯਾਤਰੀਆਂ ਦੇ ਤਜ਼ਰਬੇ ਨੂੰ ਸੁਖਾਵਾਂ ਅਤੇ ਪਾਰਦਰਸ਼ੀ ਬਣਾਉਣ ਲਈ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਵਫ਼ਦ ਨੇ ਚੰਡੀਗੜ੍ਹ ਹਵਾਈ ਅੱਡੇ ਦੀ ਤਰਜ਼ 'ਤੇ ਅੰਮ੍ਰਿਤਸਰ ਹਵਾਈ ਅੱਡੇ ਲਈ ਵੀ ਏਅਰਲਾਈਨਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਏਅਰਲਾਈਨਾਂ ਨੂੰ ਉਹਨਾਂ ਦੀ ਤਰਜੀਹ ਵਾਲੇ ਸਮੇਂ ਦੇ ਸਲਾਟ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਅੰਤਰਰਾਸ਼ਟਰੀ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਡਾਇਰੈਕਟਰ ਭੁਪਿੰਦਰਾ ਸਿੰਘ ਨੇ ਵਫ਼ਦ ਦੇ ਸੁਝਾਵਾਂ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਦੱਸਿਆ ਕਿ ਕਈ ਮੁੱਦਿਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਯਾਤਰੀਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਹਵਾਈ ਅੱਡੇ ਦੇ ਵਿਸਥਾਰ ਦੀਆਂ ਯੋਜਨਾਵਾਂ 'ਤੇ ਵੀ ਲਗਾਤਾਰ ਕੰਮ ਜਾਰੀ ਹੈ। ਮੀਟਿੰਗ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਅਤੇ ਫਲਾਈ ਅੰਮ੍ਰਿਤਸਰ ਦੇ ਕਨਵੀਨਰ (ਇੰਡੀਆ) ਯੋਗੇਸ਼ ਕਾਮਰਾ, ਜਤਿੰਦਰਪਾਲ ਸਿੰਘ ਅਤੇ ਕਰਨ ਸਿੰਘ ਸ਼ਾਮਲ ਸਨ। ਮੰਚ ਅਤੇ ਇਨੀਸ਼ੀਏਟਿਵ ਨੇ ਬੀਤੇ ਮਹੀਨੇ ਇੰਡੀਗੋ ਦੀਆਂ ਉਡਾਣਾਂ ਪ੍ਰਭਾਵਿਤ ਹੋਣ ਸਮੇਂ ਬਜ਼ੁਰਗਾਂ ਅਤੇ ਬੱਚਿਆਂ ਵਾਲੇ ਪਰਿਵਾਰਾਂ ਸਮੇਤ ਯਾਤਰੀਆਂ ਦੀ ਸਹਾਇਤਾ ਲਈ ਹਵਾਈ ਅੱਡਾ ਪ੍ਰਬੰਧਕਾਂ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ। ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਨਵੇਂ ਡਾਇਰੈਕਟਰ ਦੇ ਕਾਰਜਕਾਲ ਸੰਭਾਲਣ ਤੋਂ ਬਾਅਦ ਹਵਾਈ ਅੱਡੇ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ &lsquoਤੇ ਲਗਾਤਾਰ ਉਡਾਣਾਂ ਦੀ ਜਾਣਕਾਰੀ, ਧੁੰਦ ਕਾਰਨ ਪ੍ਰਭਾਵਿਤ ਹੋਣ ਵਾਲੀਆਂ ਉਡਾਣਾਂ ਦੀ ਰੋਜਾਨਾਂ ਜਾਣਕਾਰੀ ਅਤੇ ਪੰਜਾਬੀ ਭਾਸ਼ਾ ਵਿੱਚ ਜਾਣਕਾਰੀ ਸਾਂਜੀ ਕਰਨ ਦੀ ਪਹਿਲਕਦਮੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਮੁਸਾਫਰਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਵੱਲ ਇੱਕ ਸਾਰਥਕ ਕਦਮ ਹੈ। ਮੰਚ ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਚ ਦੇ ਆਗੂਆਂ ਨੇ ਯਾਤਰੀ ਸੇਵਾਵਾਂ ਨੂੰ ਬਿਹਤਰ ਬਣਾਉਣ, ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਅੰਮ੍ਰਿਤਸਰ ਨੂੰ ਪੰਜਾਬ ਦੇ ਪ੍ਰਮੁੱਖ ਅੰਤਰਰਾਸ਼ਟਰੀ ਹਵਾਈ ਮਾਰਗ ਵਜੋਂ ਮਜ਼ਬੂਤ ਕਰਨ ਲਈ ਹਵਾਈ ਅੱਡਾ ਅਥਾਰਟੀ ਦੇ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ।