328 ਪਾਵਨ ਸਰੂਪ ਮਾਮਲਾ: ਪੁਲੀਸ ਨੂੰ ਸਹਿਯੋਗ ਨਾ ਦੇਣ ਖਿਲਾਫ ਮਾਨ ਦਲ ਵੱਲੋਂ ਪ੍ਰਦਰਸ਼ਨ

328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਨੂੰ ਸਹਿਯੋਗ ਨਾ ਦੇਣ ਦੇ ਫੈਸਲੇ ਖਿਲਾਫ ਅੱਜ ਮਾਨ ਦਲ ਵੱਲੋਂ ਇਥੇ ਸ਼੍ਰੋਮਣੀ ਕਮੇਟੀ ਦਫਤਰ ਦੇ ਨੇੜੇ ਰੋਸ ਵਿਖਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਪਤਾ ਲਾਉਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਪੁਲੀਸ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਇਸ ਕਰ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਚੂੜੀਆਂ ਸੌਂਪਣ ਲਈ ਲਿਆਂਦੀਆਂ ਗਈਆਂ ਹਨ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਜਾਣ ਤੋਂ ਰੋਕ ਦਿੱਤਾ।

ਇਹ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬੀਬੀਆਂ ਦੇ ਜਥੇ ਵੱਲੋਂ ਕੀਤਾ ਗਿਆ। ਬਾਅਦ ਦੁਪਹਿਰ ਪ੍ਰਦਰਸ਼ਨਕਾਰੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੂੰ ਮੰਗ ਪੱਤਰ ਅਤੇ ਪ੍ਰਤੀਕਾਤਮਕ ਤੌਰ &rsquoਤੇ ਚੂੜੀਆਂ ਸੌਂਪਣ ਲਈ ਲੰਗਰ ਗੇਟ &rsquoਤੇ ਇਕੱਠ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਜਥੇ ਨੂੰ ਲੰਗਰ ਗੇਟ &rsquoਤੇ ਹੀ ਰੋਕ ਲਿਆ ਗਿਆ। ਪੁਲਿਸ ਅਧਿਕਾਰੀ ਨੇ ਆਖਿਆ ਕਿ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਸਕਦਾ।