ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਸ਼ਿਕਾਇਤ ਦੀ ਕਾਪੀ

 ਨਵੀਂ ਦਿੱਲੀ, 9 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਸਿੱਖ ਗੁਰੂ ਸਾਹਿਬਾਨ ਖਿਲਾਫ ਬੋਲਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਇਹ ਸ਼ਿਕਾਇਤ ਦਿੱਲੀ ਪੁਲਿਸ ਕੋਲ ਨੋਰਥ ਅਵੈਨਿਊ ਪੁਲਿਸ ਥਾਣੇ ਵਿਚ ਦਰਜ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਵਿਚ ਮੰਗ ਕੀਤੀ ਗਈ ਹੈ ਕਿ ਆਤਿਸ਼ੀ ਮਾਰਲੇਨਾ ਵੱਲੋਂ ਜਾਣ ਬੁੱਝ ਅਤੇ ਗਿਣੇ ਮਿੱਥੇ ਢੰਗ ਨਾਲ ਗਲਤ ਬੋਲਣ ਤੇ ਸਿੱਖ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਲਈ ਕਾਨੂੰਨ ਅਨੁਸਾਰ ਬਣਦੀ ਫੌਜਦਾਰੀ ਧਾਰਾ ਅਧੀਨ ਐਫ ਆਈ ਆਰ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਆਤਿਸ਼ੀ ਨੇ ਦੇਸ਼ ਵਿਦੇਸ਼ ਵਿਚ ਰਹਿੰਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਆਤਿਸ਼ੀ ਨੇ ਇਹ ਕਾਰਵਾਈ ਉਦੋਂ ਕੀਤੀ ਜਦੋਂ ਦਿੱਲੀ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦਾ ਸਨਮਾਨ ਕੀਤੇ ਜਾਣ &rsquoਤੇ ਚਰਚਾ ਚਲ ਰਹੀ ਸੀ। ਉਹਨਾਂ ਦੱਸਿਆ ਕਿ ਸ਼ਿਕਾਇਤ ਦੇ ਨਾਲ ਸਬੂਤ ਵਜੋਂ ਵੀਡੀਓ ਵੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਸ਼ਿਕਾਇਤ ਦੀ ਇਕ ਕਾਪੀ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਭੇਜੀ ਗਈ ਹੈ ਤਾਂ ਜੋ ਉਹਨਾਂ ਦੇ ਧਿਆਨ ਵਿਚ ਵੀ ਇਹ ਮਾਮਲਾ ਆਵੇ ਅਤੇ ਉਹ ਵੀ ਕਾਨੂੰਨ ਮੁਤਾਬਕ ਆਤਿਸ਼ੀ ਮਾਰਲੇਨਾ ਖਿਲਾਫ ਕਾਰਵਾਈ ਕਰ ਸਕਣ।