ਦਿੱਲੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਰਾਹਤ, ED ਦੇ ਦੋ ਕੇਸਾਂ ’ਚ ਦੋਸ਼ ਮੁਕਤ

ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਸੰਯੋਜਕ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਰਜ ਕੀਤੇ ਗਏ ਦੋ ਮਾਮਲਿਆਂ ਵਿੱਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।

ਇਹ ਦੋਵੇਂ ਕੇਸ ਦਿੱਲੀ ਐਕਸਾਈਜ਼ ਨੀਤੀ ਨਾਲ ਜੁੜੀ ਜਾਂਚ ਦੌਰਾਨ ਜਾਰੀ ਕੀਤੇ ਗਏ ਸੰਮਨਾਂ ਦੀ ਪਾਲਣਾ ਨਾ ਕਰਨ ਦੇ ਦੋਸ਼ਾਂ ਨਾਲ ਸੰਬੰਧਿਤ ਸਨ। ED ਦਾ ਦਾਅਵਾ ਸੀ ਕਿ ਕੇਜਰੀਵਾਲ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਭੇਜੇ ਗਏ ਕਈ ਸੰਮਨਾਂ ਨੂੰ ਜਾਣਬੁੱਝ ਕੇ ਅਣਡਿੱਠਾ ਕੀਤਾ।

ਅਦਾਲਤ ਵਿੱਚ ਸੁਣਵਾਈ ਦੌਰਾਨ ਐਡੀਸ਼ਨਲ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ ਅਤੇ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਜਾਰੀ ਰੱਖਣ ਲਈ ਪ੍ਰਯਾਪਤ ਆਧਾਰ ਨਹੀਂ ਬਣਦਾ।

ਜ਼ਿਕਰਯੋਗ ਹੈ ਕਿ ED ਨੇ ਫਰਵਰੀ 2024 ਵਿੱਚ ਪ੍ਰੀਵੇਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਦੇ ਸੈਕਸ਼ਨ 50 ਤਹਿਤ ਜਾਰੀ ਸੰਮਨਾਂ ਦੀ ਉਲੰਘਣਾ ਦੇ ਦੋਸ਼ ਹੇਠ ਅਦਾਲਤ ਦਾ ਰੁਖ਼ ਕੀਤਾ ਸੀ। ਅਦਾਲਤੀ ਫ਼ੈਸਲੇ ਨਾਲ ਹੁਣ ਕੇਜਰੀਵਾਲ ਨੂੰ ਇਨ੍ਹਾਂ ਦੋ ਮਾਮਲਿਆਂ ਵਿੱਚ ਕਾਨੂੰਨੀ ਰਾਹਤ ਮਿਲ ਗਈ ਹੈ।