ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਾਂਗਾ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਸਮੇਂ ਤੋਂ ਪੈਦਾ ਹੋਏ ਟਕਰਾਅ ਕਰਕੇ ਢਾਹ ਲੱਗੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਪਾਰਟੀ ਤੋਂ ਵੀ ਵੱਖ ਹੋ ਗਏ ਹਨ ਪਰ ਹੁਣ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਣ ਮਗਰੋਂ ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮਜੀਠੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਨਾਲ ਸਬੰਧਤ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨਗੇ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ &lsquoਆਪ&rsquo ਵਿਰੁੱਧ ਬੋਲਣ ਵਾਲਿਆਂ &rsquoਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਦਬਣ ਵਾਲੇ ਨਹੀਂ ਹਨ। &lsquoਆਪ&rsquo ਚਾਹੇ ਉਸ &rsquoਤੇ ਹੋਰ 5-7 ਕੇਸ ਦਰਜ ਕਰ ਲਵੇ, ਪਰ ਉਹ ਪੰਜਾਬ ਅਤੇ ਪੰਜਾਬੀਆਂ ਦੀ ਗੱਲ ਕਰਦੇ ਰਹਿਣਗੇ। ਉਨ੍ਹਾਂ ਦੀ ਹਮਾਇਤ ਵਿੱਚ ਆਵਾਜ਼ ਚੁੱਕਣ ਵਾਲੇ ਹੋਰਨਾਂ ਸਿਆਸੀ ਆਗੂਆਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਤ ਆਗੂ ਵੀ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਇਸ ਲਈ ਉਹ ਇਨਸਾਫ਼ਪਸੰਦ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ।