ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਅੰਮ੍ਰਿਤਧਾਰੀ ਸਿੱਖ ਦੀ ਜਾਂਚ ਟੀਮ ਬਣਾਈ ਜਾਵੇ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਧਾਰੀ ਸਿੱਖ ਪੁਲਿਸ ਅਫ਼ਸਰਾਂ ਦੇ ਅਧਾਰਤ ਹੀ ਬਣਾਈ ਜਾਵੇ।
ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਵੱਲੋਂ ਪੁੱਜੇ ਸੁਝਾਵਾਂ, ਪੁੱਜੀ ਮੰਗ, ਬੀਤੇ ਦਿਨੀਂ ਦੋਆਬਾ ਖੇਤਰ ਦੇ ਇੱਕ ਅਸਥਾਨ ਉੱਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਮਰਿਆਦਾ ਦੀ ਉਲੰਘਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਹ ਅਤਿ ਜ਼ਰੂਰੀ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ &lsquoਤੇ ਅਧਾਰਤ ਹੀ ਹੋਵੇ।
ਉਨ੍ਹਾਂ ਕਿਹਾ ਕਿ ਮੌਜੂਦਾ ਜਾਂਚ ਟੀਮ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੇ ਕਾਰਨ ਸੰਗਤ ਦੇ ਮਨਾਂ ਵਿੱਚ ਦੁਵਿਧਾ ਪੈਦਾ ਹੋਈ ਹੈ ਅਤੇ ਕਈ ਖ਼ਦਸ਼ੇ ਖੜ੍ਹੇ ਹੋਏ ਹਨ, ਇਸ ਕਰਕੇ ਇਹ ਅਤਿ ਜ਼ਰੂਰੀ ਹੋ ਜਾਂਦਾ ਹੈ ਕਿ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰ ਜਿਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਦੀ ਪੂਰਨ ਲਿਆਕਤ ਹੋਵੇ ਉਹ ਹੀ ਜਾਂਚ ਨੂੰ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਦੋਂ ਜਾਂਚ ਟੀਮ ਦੋਆਬਾ ਖੇਤਰ ਦੇ ਇੱਕ ਅਸਥਾਨ ਵਿਖੇ ਪਹੁੰਚੀ ਤਾਂ ਉਨ੍ਹਾਂ ਵੱਲੋਂ ਉੱਥੇ ਸਿੱਖ ਮਰਿਆਦਾ ਦੀ ਉਲੰਘਣਾ ਕਰਦਿਆਂ ਸੁਖਆਸਨ ਵਾਲੇ ਅਸਥਾਨ ਵਿਖੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਜਾਂਚ ਮਰਿਆਦਾ ਦੇ ਉਲਟ ਕੀਤੀ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਇਹ ਵਰਤਾਰਾ ਅਗਾਂਹ ਨਾ ਵਾਪਰੇ ਇਸ ਲਈ ਇਹ ਆਦੇਸ਼ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਦੇ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਿਛਲੇ ਦਿਨੀਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਬਰਨਾਲਾ ਦੇ ਕਥਾਵਾਚਕ ਗੁਰਜੰਟ ਸਿੰਘ ਨੂੰ ਅੱਜ ਤਲਬ ਕੀਤਾ ਗਿਆ ਸੀ, ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਸਨਮੁਖ ਪੇਸ਼ ਹੋਏ। ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਗੁਰਜੰਟ ਸਿੰਘ ਨੇ ਅੱਜ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ, ਪਰੰਤੂ ਇਨ੍ਹਾਂ ਦਾ ਮਾਮਲਾ ਗੰਭੀਰ ਹੋਣ ਕਰਕੇ ਇਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਜੰਟ ਸਿੰਘ ਨੂੰ ਪੇਸ਼ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਨ੍ਹਾਂ ਉੱਤੇ ਕਿਸੇ ਵੀ ਸਟੇਜ ਤੋਂ ਬੋਲਣ ਦੀ, ਕੀਰਤਨ ਕਰਨ ਦੀ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਇਹ ਉਦੋਂ ਤੱਕ ਕਿਸੇ ਵੀ ਸਿੱਖ ਧਾਰਮਿਕ ਸਟੇਜ ਉੱਤੇ ਵੀ ਨਹੀਂ ਬੈਠਣਗੇ।