ਟਰੰਪ ਪ੍ਰਸ਼ਾਸਨ ਵੱਲੋਂ ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲਿਆਂ ਨੂੰ ਹਿਰਾਸਤ ‘ਚ ਰੱਖਣ ਦੇ ਹੁਕਮ

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇੱਕ ਨਵਾਂ ਸਖ਼ਤ ਹੁਕਮ ਜਾਰੀ ਕੀਤਾ ਹੈ, ਜਿਸ ਤਹਿਤ ਗ੍ਰੀਨ ਕਾਰਡ (ਸਥਾਈ ਨਿਵਾਸ) ਲਈ ਅਪਲਾਈ ਕਰਨ ਵਾਲੇ ਸ਼ਰਨਾਰਥੀਆਂ ਨੂੰ ਸੰਘੀ ਹਿਰਾਸਤ ਵਿਚ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਦੌਰਾਨ ਅਮਰੀਕਾ ਆਏ ਲਗਭਗ 2 ਲੱਖ ਸ਼ਰਨਾਰਥੀ ਪ੍ਰਭਾਵਿਤ ਹੋ ਸਕਦੇ ਹਨ।
ਮਿਨੇਸੋਟਾ ਦੀ ਸੰਘੀ ਅਦਾਲਤ ਵਿਚ ਗ੍ਰਹਿ ਮੰਤਰਾਲੇ (ਡੀ.ਐੱਚ.ਐੱਸ.) ਵੱਲੋਂ ਦਾਇਰ ਕੀਤੇ ਗਏ ਇੱਕ ਮੈਮੋ ਅਨੁਸਾਰ, ਗ੍ਰੀਨ ਕਾਰਡ ਲਈ ਅਪਲਾਈ ਕਰਨ ਵਾਲੇ ਸ਼ਰਨਾਰਥੀਆਂ ਨੂੰ ਆਪਣੀ ਅਰਜ਼ੀ ਦੀ ਸਮੀਖਿਆ ਦੌਰਾਨ ਅਮਰੀਕਾ ਵਿਚ ਦਾਖਲ ਹੋਣ ਦੇ ਇੱਕ ਸਾਲ ਬਾਅਦ ਤੱਕ ਸੰਘੀ ਹਿਰਾਸਤ ਵਿਚ ਰਹਿਣਾ ਪਵੇਗਾ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਿਰੀਖਣ ਅਤੇ ਜਾਂਚ ਪ੍ਰਕਿਰਿਆ ਦੀ ਮਿਆਦ ਲਈ ਇਨ੍ਹਾਂ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਰੱਖ ਸਕਦਾ ਹੈ।
ਟਰੰਪ ਪ੍ਰਸ਼ਾਸਨ ਦੇ ਇਸ ਕਦਮ ਨੇ ਬਾਇਡਨ ਪ੍ਰਸ਼ਾਸਨ ਦੌਰਾਨ ਆਏ ਸ਼ਰਨਾਰਥੀਆਂ ਵਿਚ ਭਾਰੀ ਡਰ ਅਤੇ ਉਲਝਣ ਪੈਦਾ ਕਰ ਦਿੱਤੀ ਹੈ। ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੁਨਰਵਾਸ ਸਮੂਹਾਂ ਨੇ ਇਸ ਹੁਕਮ ਦੀ ਸਖ਼ਤ ਆਲੋਚਨਾ ਕੀਤੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨੂੰ ਆਉਣ ਵਾਲੇ ਦਿਨਾਂ ਵਿਚ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਟਰੰਪ ਪ੍ਰਸ਼ਾਸਨ ਨੇ ਇਸ ਨੀਤੀ ਵਿਚ ਬਦਲਾਅ ਲਈ ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਚਿੰਤਾਵਾਂ ਨੂੰ ਮੁੱਖ ਕਾਰਨ ਦੱਸਿਆ ਹੈ। ਪ੍ਰਸ਼ਾਸਨ ਦੀ ਯੋਜਨਾ ਬਾਇਡਨ ਦੇ ਕਾਰਜਕਾਲ ਦੌਰਾਨ ਆਏ ਸਾਰੇ ਸ਼ਰਨਾਰਥੀਆਂ ਦੀ ਦੁਬਾਰਾ ਸਮੀਖਿਆ ਕਰਨ ਦੀ ਹੈ, ਜਿਸ ਕਾਰਨ ਫਿਲਹਾਲ ਗ੍ਰੀਨ ਕਾਰਡ ਦੀ ਮਨਜ਼ੂਰੀ &lsquoਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ, ਕੁਝ ਮਾਹਰਾਂ ਦਾ ਤਰਕ ਹੈ ਕਿ ਦੇਸ਼ ਵਿਚ ਦਾਖਲ ਹੋਣ ਵੇਲੇ ਸ਼ਰਨਾਰਥੀਆਂ ਦੀ ਪਹਿਲਾਂ ਹੀ ਪੂਰੀ ਤਰ੍ਹਾਂ ਜਾਂਚ-ਪੜਤਾਲ ਕੀਤੀ ਜਾਂਦੀ ਹੈ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਸਬੰਧੀ ਪਾਬੰਦੀਆਂ ਨੂੰ ਸਖ਼ਤ ਕਰਨ ਦੀ ਲੜੀ ਦਾ ਇੱਕ ਹਿੱਸਾ ਹੈ।