ਕੈਬਨਿਟ ਮੰਤਰੀ ਨੇ ਜਲੰਧਰ ’ਚ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ, ਸਮੇਂ ਸਿਰ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।

ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਾਗਰਿਕਾਂ ਸੇਵਾਵਾਂ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੜਕ ਨਿਰਮਾਣ, ਜਲ ਸਪਲਾਈ ਵਧਾਉਣ ਅਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਸਮੇਤ ਵੱਡੇ ਪ੍ਰਾਜੈਕਟਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ । ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਵਿਕਾਸ ਕਾਰਜਾਂ &rsquoਤੇ ਸਖ਼ਤੀ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਗੁਣਵੱਤਾ ਨਾਲ ਕੋਈ ਵੀ ਸਮਝੌਤਾ, ਖਾਸ ਕਰਕੇ ਸੜਕ ਨਿਰਮਾਣ ਅਤੇ ਜਨਤਕ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚ, ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ ਕਈ ਅਗਾਂਹਵਧੂ ਪਹਿਲਕਦਮੀਆਂ ਕਰ ਰਹੀ ਹੈ।


ਇਸ ਮੌਕੇ ਵਾਰਡ ਕੌਂਸਲਰਾਂ ਵਲੋਂ ਆਪੋ-ਆਪਣੇ ਖੇਤਰਾਂ ਵਿੱਚ ਨਵੇਂ ਵਿਕਾਸ ਕਾਰਜਾਂ ਲਈ ਤਜਵੀਜ਼ਾਂ ਵੀ ਪੇਸ਼ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਸਬੰਧੀ ਜਲਦ ਤੋਂ ਜਲਦ ਵਿਸਥਾਰਿਤ ਰਿਪੋਰਟ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਤਾਂ ਜੋ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।