ਧਾਰਮਿਕ ਪਹਿਚਾਣ ਨਾਲ ਛੇੜਛਾੜ ਬਰਦਾਸ਼ਤ ਨਹੀਂ: ਜਥੇਦਾਰ ਗੜਗੱਜ

ਦੇਰ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੋਲਾ ਮਹੱਲਾ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾ ਪੰਥ ਦਾ ਵਿਲੱਖਣ ਅਤੇ ਇਤਿਹਾਸਕ ਕੌਮੀ ਤਿਉਹਾਰ ਹੈ, ਜੋ ਸਿੱਖ ਕੌਮ ਨੂੰ ਆਪਣੀ ਸ਼ੂਰਵੀਰ ਪਰੰਪਰਾ, ਜੰਗੀ ਕਲਾਵਾਂ ਅਤੇ ਗੁਰਮਤਿ ਅਧਾਰਤ ਜੀਵਨ ਸ਼ੈਲੀ ਨਾਲ ਜੋੜਦਾ ਹੈ।
ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿਰਫ਼ ਰਸਮੀ ਉਤਸਵ ਨਹੀਂ, ਸਗੋਂ ਖਾਲਸਾਈ ਅਨੁਸ਼ਾਸਨ, ਚੜ੍ਹਦੀ ਕਲਾ ਅਤੇ ਕੌਮੀ ਏਕਤਾ ਦਾ ਪ੍ਰਤੀਕ ਹੈ।
ਇਸ ਮੌਕੇ ਉਨ੍ਹਾਂ ਜ਼ੂਡੀਓ ਸਟੋਰ ਵਿੱਚ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖ ਦੇ ਕਕਾਰ ਉਤਾਰਨ ਜਾਂ ਉਸ ਦੀ ਧਾਰਮਿਕ ਪਛਾਣ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਰਕਾਰਾਂ ਨੂੰ ਸਖ਼ਤ ਅਤੇ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਹਰਕਤ ਕਰਨ ਦੀ ਹਿੰਮਤ ਨਾ ਕਰੇ।
ਉਨ੍ਹਾਂ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਹੋਲਾ ਮਹੱਲਾ ਮੌਕੇ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਜਾਣ ਵਾਲੇ ਨੌਜਵਾਨਾਂ ਦੇ ਨਿਸ਼ਾਨ ਸਾਹਿਬ ਜਾਂ ਹੋਰ ਧਾਰਮਿਕ ਪ੍ਰਤੀਕਾਂ ਨਾਲ ਕੋਈ ਛੇੜਛਾੜ ਨਾ ਹੋਵੇ ਅਤੇ ਪੂਰੀ ਸੰਵੇਦਨਸ਼ੀਲਤਾ ਨਾਲ ਸੁਰੱਖਿਆ ਯਕੀਨੀ ਬਣਾਈ ਜਾਵੇ।