ਪ੍ਰਧਾਨ ਮੰਤਰੀ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।
ਸੰਧਵਾਂ ਨੇ ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ &rsquoਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ। ਉਨ੍ਹਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ &lsquoਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ &rsquoਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।