ਸਰਕਾਰ ਬਣਨ ’ਤੇ ਦਰਿਆਵਾਂ ਦੀ ਸਫ਼ਾਈ ਕਰਾਂਗੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ &rsquoਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੀ ਸਫ਼ਾਈ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੇ ਦਰਿਆਵਾਂ ਵਿੱਚ ਫੈਕਟਰੀਆਂ ਜਾਂ ਸੀਵਰੇਜ ਦਾ ਗੰਦਾ ਪਾਣੀ ਕਿਸੇ ਵੀ ਕੀਮਤ &rsquoਤੇ ਨਹੀਂ ਪੈਣ ਦਿੱਤਾ ਜਾਵੇਗਾ। ਉਹ ਅੱਜ ਕਸਬਾ ਭਾਈ ਰੂਪਾ ਵਿੱਚ &lsquoਪੰਜਾਬ ਬਚਾਓ ਮੁਹਿੰਮ&rsquo ਤਹਿਤ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਮਲੂਕਾ ਨੂੰ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਦਲ ਦਾ ਉਮੀਦਵਾਰ ਵੀ ਐਲਾਨਿਆ।

ਉਨ੍ਹਾਂ ਕਿਹਾ ਕਿ ਮਾਲਵਾ ਖਿੱਤੇ ਵਿੱਚ ਕੈਂਸਰ ਫੈਲਣ ਦਾ ਮੁੱਖ ਕਾਰਨ ਪ੍ਰਦੂਸ਼ਿਤ ਪਾਣੀ ਹੈ ਅਤੇ ਅਕਾਲੀ ਦਲ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸੂਬਾ ਸਰਕਾਰ &rsquoਤੇ ਪੁਲੀਸ ਦੀ ਦੁਰਵਰਤੋਂ ਕਰ ਕੇ ਕਿਸਾਨਾਂ, ਮੁਲਾਜ਼ਮਾਂ, ਸਿਆਸੀ ਵਿਰੋਧੀਆਂ ਅਤੇ ਮੀਡੀਆ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਸਰਕਾਰ ਆਉਣ &rsquoਤੇ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਹਾਲ ਕੀਤੀ ਜਾਵੇਗੀ। ਉਨ੍ਹਾਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਵੀ ਅਹਿਦ ਲਿਆ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪ੍ਰਾਈਵੇਟ ਸਨਅਤਾਂ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ।