ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ, ਵਿਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਕੀਤੀ ਅਰਦਾਸ

ਹੋਲਾ ਮਹੱਲਾ ਦੇ ਪਾਵਨ ਮੌਕੇ &rsquoਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਅਤੇ ਖ਼ਾਲਸਾ ਪੰਥ ਨੂੰ ਵਧਾਈ ਦਿੱਤੀ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾਂ ਭਾਈਚਾਰੇ ਦੀ ਧਰਤੀ ਰਿਹਾ ਹੈ ਅਤੇ ਸੂਬੇ ਵਿੱਚ ਇਕਤਾ ਤੇ ਪਿਆਰ ਦੀ ਭਾਵਨਾ ਬਣੀ ਰਹਿਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤ ਚਿੰਤਾਜਨਕ ਹਨ ਅਤੇ ਕਈ ਪਰਿਵਾਰ ਦੁੱਖ-ਚਿੰਤਾ ਦਾ ਸਾਹਮਣਾ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ  ਦੀ ਸਹਾਇਤਾ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਵੱਲੋਂ ਫੋਨ ਆ ਰਹੇ ਹਨ, ਪਰ ਬਹੁਤਿਆਂ ਨੂੰ ਸਥਿਤੀ ਬਾਰੇ ਪੂਰੀ ਜਾਣਕਾਰੀ ਨਹੀਂ ਹੈ, ਕਿਉਂਕਿ ਹਵਾਈ ਸੇਵਾਵਾਂ ਬੰਦ ਹੋਣ ਕਾਰਨ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਕੇ ਲੋਕਾਂ ਦੀ ਸਹਾਇਤਾ ਲਈ ਯਤਨ ਕੀਤੇ ਜਾ ਰਹੇ ਹਨ।