ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ 28 ਮਾਰਚ ਨੂੰ ਹੋਵੇਗਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਤੀ ਵਰ੍ਹੇ 2026-27 ਦਾ ਸਾਲਾਨਾ ਬਜਟ ਆਉਂਦੀ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੇਸ਼ ਕੀਤਾ ਜਾਵੇਗਾ। ਅੰਤਰਿਗ ਕਮੇਟੀ ਦੀ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਬਜਟ ਵਿੱਚ ਧਰਮ ਪ੍ਰਚਾਰ, ਵਿਦਿਅਕ ਟਰਸਟਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਖਰਚਿਆਂ ਤੇ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

ਬਜਟ ਦੇ ਨਾਲ-ਨਾਲ ਉਨ੍ਹਾਂ ਨੇ 11 ਤੋਂ 14 ਮਾਰਚ ਤੱਕ ਮਨਾਏ ਜਾਣ ਵਾਲੇ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਵੀ ਸਾਂਝੀ ਕੀਤੀ ਅਤੇ ਦੱਸਿਆ ਕਿ ਸਿੱਖੀ ਦੇ ਪ੍ਰਚਾਰ ਲਈ &lsquoਧਰਮ ਪ੍ਰਚਾਰ ਵਹੀਰ&rsquo ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਮੀਟਿੰਗ ਦੌਰਾਨ ਪੰਥਕ ਮੁੱਦਿਆਂ &rsquoਤੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਇੱਕ ਵਿਸ਼ੇਸ਼ ਅਤੇ ਵੱਖਰਾ ਐਕਟ ਬਣਾਉਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ &lsquoਜਾਗਤ ਜੋਤ&rsquo ਹਨ, ਇਸ ਲਈ ਉਨ੍ਹਾਂ ਦੇ ਸਤਿਕਾਰ ਲਈ ਕਾਨੂੰਨ ਵੀ ਸਖ਼ਤ ਅਤੇ ਵੱਖਰਾ ਹੋਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਭਰ ਵਿੱਚ ਭਰਤੀ ਪ੍ਰੀਖਿਆਵਾਂ ਦੌਰਾਨ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਦੇ ਕਕਾਰ ਉਤਰਵਾਉਣ ਦੀਆਂ ਘਟਨਾਵਾਂ &rsquoਤੇ ਡੂੰਘਾ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੰਵਿਧਾਨ ਧਾਰਮਿਕ ਆਜ਼ਾਦੀ ਦਿੰਦਾ ਹੈ ਅਤੇ ਹਵਾਈ ਸਫਰ ਵਿੱਚ ਕਿਰਪਾਨ ਦੀ ਇਜਾਜ਼ਤ ਹੈ, ਤਾਂ ਪ੍ਰੀਖਿਆ ਕੇਂਦਰਾਂ ਵਿੱਚ ਸਿੱਖ ਕਕਾਰਾਂ ਦਾ ਨਿਰਾਦਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਤਰਜੀਹੀ ਆਧਾਰ &rsquoਤੇ ਹੱਲ ਕਰਵਾਏਗੀ।