ਰਾਮ ਰਹੀਮ ਨੂੰ ਬਰੀ ਕਰਣਾ ਅਤੇ ਬੰਦੀ ਸਿੰਘਾਂ ਦੇ ਮਾਮਲੇ ਤੇ ਚੁੱਪ ਰਹਿਣਾ ਦੇਸ਼ ਅੰਦਰ ਨਿਆਂ ਦੇ ਦੋਹਰੇ ਮਾਪਦੰਡ: ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ 'ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਦੇਸ਼ ਦਾ ਕਾਨੂੰਨ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਪ੍ਰਤੀ ਉਦਾਰਤਾ ਦਿਖਾਂਦਾ ਹੈ ਤੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਚੁੱਪ ਹੋ ਜਾਂਦਾ ਹੈ । ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਅਤਿ ਗੰਭੀਰ ਦੋਸ਼ਾਂ ਦਾ ਅਪਰਾਧੀ ਸਾਬਿਤ ਕਰਦੇ ਹੋਏ ਓਸ ਨੂੰ ਅਦਾਲਤ ਵਲੋਂ ਸਜ਼ਾ ਲਗਾਈ ਗਈ ਸੀ ਉਪਰੰਤ ਜਦੋਂ ਤੋਂ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨ ਉਸ ਦੇ ਹੱਕ ਵਿੱਚ ਭੁਗਤ ਰਹੀਆਂ ਹਨ। ਇੱਕ ਪਾਸੇ ਬਲਾਤਕਾਰੀ ਅਤੇ ਕਾਤਲ ਸਾਧ ਹੈ ਜਿਸ ਨੂੰ ਕਾਨੂੰਨ ਨਾਲ ਖਿਲਵਾੜ ਕਰਦਿਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਅਸੀਂ ਓਸਦੀ ਤੁਲਨਾ ਬੰਦੀ ਸਿੰਘਾਂ ਨਾਲ ਨਹੀਂ ਕਰਦੇ ਪਰ ਉਨ੍ਹਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਬੋਲਣਾ ਵੀ ਸਾਡਾ ਫਰਜ਼ ਹੈ, ਦੂਜੇ ਪਾਸੇ ਉਹ ਬੰਦੀ ਸਿੰਘ ਹਨ ਜੋ ਬਣਦੀ ਸਜ਼ਾ ਤੋਂ ਵੀ ਵੱਧ ਸਜ਼ਾ ਭੁਗਤਣ ਦੇ ਬਾਵਜੂਦ ਪਿਛਲੇ ਲੰਮੇ ਸਮੇਂ ਤੋਂ ਧਰਮ ਦੀ ਖਾਤਰ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਅਫਸੋਸ ਜਤਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਨਾ ਫਰਲੋ/ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਗੀਨ ਜ਼ੁਰਮਾਂ ਵਾਲੇ ਵਿਅਕਤੀ ਨੂੰ ਬਰੀ ਕਰਨਾ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨਾ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨੀਜਨਕ ਹੈ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦੇ ਅਹਿਸਾਸ ਨੂੰ ਹੋਰ ਗੂੜ੍ਹਾ ਕਰਦਾ ਹੈ। ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਅਤੇ ਮੈਂਬਰ ਭਾਈ ਸ਼ੁਭਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਅਮਨਦੀਪ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਤੇ ਭਾਈ ਬਿਕਰਮਜੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਰਾਗੀ ਸਿੰਘ ਹਾਜਿਰ ਸਨ ।