‘ਆਪ’ ਨੇ ਔਰਤਾਂ ਦੀਆਂ ਵੋਟਾਂ ਖ਼ਰੀਦਣ ਦੀ ਕੋਸ਼ਿਸ਼ ਕੀਤੀ: ਸੁਖਬੀਰ

ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ &lsquoਆਪ&rsquo ਸਰਕਾਰ ਇਸ ਸਾਲ 52 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਜਾ ਰਹੀ ਹੈ ਅਤੇ ਕੁਝ ਮਹੀਨਿਆਂ ਲਈ ਔਰਤਾਂ ਨੂੰ 1000 ਰੁਪਏ ਦੇ ਕੇ ਉਨ੍ਹਾਂ ਦੀਆਂ ਵੋਟਾਂ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਮੌੜ ਦੀ ਦਾਣਾ ਮੰਡੀ ਵਿੱਚ &lsquoਪੰਜਾਬ ਬਚਾਓ&rsquo ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿਲਣ ਵਾਲੀ ਰਕਮ ਲੈਣ ਪਰ 2027 ਦੀਆਂ ਚੋਣਾਂ ਵਿੱਚ ਇਸ ਧੋਖੇ ਦਾ ਜਵਾਬ ਦੇਣ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਸਿਰਫ਼ ਅਕਾਲੀ ਦਲ ਨੇ ਹੀ ਕਿਸਾਨਾਂ ਦੀ ਮਦਦ ਕੀਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਫ਼ਸਲ ਮੁਆਵਜ਼ੇ ਲਈ ਨਿਗੂਣਾ ਬਜਟ ਰੱਖ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੇ ਮੈਡੀਕਲ ਕਾਲਜ ਅਜੇ ਤੱਕ ਨੀਂਹ ਪੱਥਰ ਤੋਂ ਅੱਗੇ ਨਹੀਂ ਵਧੇ, ਜਦੋਂਕਿ ਹੁਣ ਬਜਟ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਹੈ ਪਰ ਉਨ੍ਹਾਂ ਲਈ ਕੋਈ ਰਕਮ ਨਹੀਂ ਰੱਖੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਨ ਦੇਣ ਜਾਂ ਨੌਜਵਾਨਾਂ ਨੂੰ 3000 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਬਾਰੇ ਵੀ ਬਜਟ ਵਿੱਚ ਕੁਝ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ &rsquoਤੇ ਬਠਿੰਡਾ ਵਿੱਚ 300 ਏਕੜ ਵਿੱਚ ਸਕਿੱਲ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਮੌਕੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ।