ਸ਼੍ਰੋਮਣੀ ਕਮੇਟੀ ਨੇ ਹੈਦਰਾਬਾਦ ‘ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ‘ਤੇ ਜ਼ਬਰੀ ਕਬਜ਼ੇ ਦਾ ਲਿਆ ਨੋਟਿਸ

ਜੈਤੋ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ &lsquoਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ &lsquoਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ &lsquoਤੇ ਇਸ ਤਰ੍ਹਾਂ ਦੀ ਜ਼ਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ &lsquoਤੇ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਗੁਰਦੁਆਰਾ ਸਾਹਿਬ ਨਾਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ &lsquoਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰਦੁਆਰਾ ਸਾਹਿਬਾਨ ਸੰਗਤ ਦੀ ਆਸਥਾ ਅਤੇ ਵਿਸ਼ਵਾਸ ਦਾ ਕੇਂਦਰ ਹਨ। ਪ੍ਰਸ਼ਾਸਕੀ ਕਾਰਵਾਈ ਦੇ ਨਾਂ &lsquoਤੇ ਗੁਰਦੁਆਰਾ ਸਾਹਿਬ ਦੀ ਜਗ੍ਹਾ &lsquoਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ &lsquoਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਧੱਕੇਸ਼ਾਹੀ ਵਾਲੀ ਕਾਰਵਾਈ ਤੋਂ ਤੁਰੰਤ ਪਿੱਛੇ ਹਟੇ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਬਰਮਬਾਲਾ ਨਾਲ ਸਬੰਧਤ ਜਗ੍ਹਾ &lsquoਤੇ ਕਬਜ਼ਾ ਦੀ ਨੀਅਤ ਨਾਲ ਕੀਤੀ ਜਾ ਰਹੀ ਕਾਰਵਾਈ ਨੂੰ ਮੁਕੰਮਲ ਤੌਰ &lsquoਤੇ ਰੋਕਣ ਦਾ ਸਥਾਨਕ ਸੂਬੇ ਦੀ ਸਰਕਾਰ ਨੂੰ ਆਦੇਸ਼ ਕਰੇ। ਉਨ੍ਹਾਂ ਸਥਾਨਕ ਸੰਗਤਾਂ ਨੂੰ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਉਂਦਿਆਂ ਕਿਹਾ ਕਿ ਕਿਸੇ ਵੀ ਧੱਕੇਸ਼ਾਹੀ ਵਿਰੁੱਧ ਸਿੱਖ ਸੰਸਥਾ ਪੂਰੇ ਵਿਸ਼ਵ ਦੀਆਂ ਸੰਗਤਾਂ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ।