ਜਗਦੀਸ਼ ਸਿੰਘ ਝੀਂਡਾ ਉੱਪਰ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ: ਸਰਨਾ
_18Mar26080637AM.jpeg)
ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਉੱਪਰ ਸ਼ੁਤਰਾਣਾ ਨੇੜੇ ਹੋਏ ਜਾਨਲੇਵਾ ਹਮਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਸਖ਼ਤ ਸ਼ਬਦਾਂ ਰਾਹੀਂ ਨਿਖੇਧੀ ਕਰਦਿਆਂ ਇਸ ਨੂੰ ਕਾਇਰਨਾ ਤੇ ਅਤਿ ਦਰਜੇ ਦੀ ਗਿਰੀ ਹੋਈ ਕਾਰਵਾਈ ਕਿਹਾ ਹੈ । ਉਹਨਾਂ ਕਿਹਾ ਸ. ਜਗਦੀਸ਼ ਸਿੰਘ ਝੀਂਡਾ ਜਿੱਥੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਹਰਿਆਣਾ ਦੇ ਸਿੱਖਾਂ ਦੇ ਨੁਮਾਇੰਦੇ ਹਨ । ਉੱਥੇ ਹੀ ਕੌਮ ਦੇ ਵੀ ਸੰਘਰਸ਼ੀ ਆਗੂ ਹਨ । ਜਿੰਨਾਂ ਨੇ ਸਾਰੀ ਉਮਰ ਪੰਥਕ ਸਰਗਰਮੀਆਂ ਦੇ ਲੇਖੇ ਲਗਾਈ । ਇਹੋ ਜਿਹੇ ਆਗੂ ਤੇ ਘੇਰ ਕੇ ਹਮਲਾ ਕਰਨ ਦੀ ਜੋ ਘਟਨਾ ਵਾਪਰੀ ਹੈ । ਉਹ ਬੇਹੱਦ ਨਿੰਦਣਯੋਗ ਹੈ , ਇਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਸ. ਜਗਦੀਸ਼ ਸਿੰਘ ਝੀਂਡਾ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਨਾਲ ਸ. ਜਗਦੀਸ਼ ਸਿੰਘ ਝੀਂਡਾ ਦੇ ਨਾਲ ਹੈ ਤੇ ਦੋਸ਼ੀ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣੇ ਚਾਹੀਦੇ ।