ਗਿੱਪੀ ਗਰੇਵਾਲ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ

 ਪੰਜਾਬੀ ਅਦਾਕਾਰ ਅਤੇ ਗਾਇਕ ਰੁਪਿੰਦਰ ਸਿੰਘ ਗਰੇਵਾਲ ਉਰਫ ਗਿੱਪੀ ਗਰੇਵਾਲ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੇ ਗਿੱਪੀ ਨੂੰ ਫੋਨ ਕਰਕੇ ਕਿਹਾ ਕਿ ਉਹ ਉਸ ਦੇ ਸੁਨੇਹਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਕਥਿਤ ਆਡੀਓ ਰਿਕਾਰਡਿੰਗ ਵਿੱਚ ਧਮਕੀ ਦੇਣ ਵਾਲਾ ਕਹਿ ਰਿਹਾ ਹੈ, "ਸਾਡੇ ਮੈਸੇਜ ਇਗਨੋਰ ਨਾ ਕਰਿਆ ਕਰ, ਕਿਉਂਕਿ ਮੈਸੇਜ ਤਾਂ ਇਗਨੋਰ ਹੋ ਸਕਦੇ ਹਨ ਪਰ ਗੋਲੀਆਂ ਨਹੀਂ।" ਇਸ ਕਾਲ ਵਿੱਚ ਗਿੱਪੀ ਦੇ ਮੁਹਾਲੀ ਵਾਲੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਵੀ ਕਹੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ। ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਗਿੱਪੀ ਗਰੇਵਾਲ ਹਾਲ ਹੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਬਾਦਲ ਆਏ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ। ਉਨ੍ਹਾਂ ਕਿਹਾ ਕਿ ਸੁਰੱਖਿਆ ਹਟਾਉਣ ਦੇ ਤੁਰੰਤ ਬਾਅਦ ਗੈਂਗਸਟਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਲਿਆ ਹੈ। ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸੁਰੱਖਿਆ ਦੇ ਫੈਸਲੇ ਮੁੱਖ ਮੰਤਰੀ ਦੀ ਮਰਜ਼ੀ ਮੁਤਾਬਕ ਲਏ ਜਾ ਰਹੇ ਹਨ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉਸ ਵੇਲੇ ਵੀ ਸੁਰੱਖਿਆ ਹਟਾਉਣ ਅਤੇ ਉਸ ਨੂੰ ਮੀਡੀਆ ਵਿੱਚ ਲੀਕ ਕਰਨ ਦੀ ਗਲਤੀ ਕਾਰਨ ਇੱਕ ਹੀਰਾ ਗਾਇਕ ਗੁਆਉਣਾ ਪਿਆ ਸੀ।