ਐਡਵੋਕੇਟ ਧਾਮੀ ਨੇ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮਾਂ ''ਚ ਕੀਤੀ ਸ਼ਮੂਲੀਅਤ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ &lsquoਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਗੁਰਮਤਿ ਨੂੰ ਸਮਰਪਿਤ ਜੀਵਨ ਤੋਂ ਸੰਗਤ ਨੂੰ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੋਹਣ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੰਪਰਦਾ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖਸੀਅਤਾਂ ਸਿੱਖ ਕੌਮ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਸਿੱਖੀ ਪ੍ਰਚਾਰ ਲਈ ਵੱਡੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ &rsquoਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।