ਹਿਮਾਚਲ ਪ੍ਰਦੇਸ਼ ਦੀਆਂ ਵਪਾਰਕ ਗੱਡੀਆਂ ’ਤੇ ਐਂਟਰੀ ਟੈਕਸ ਲਾਉਣ ਦੀ ਯੋਜਨਾ: ਹਰਜੋਤ ਸਿੰਘ ਬੈਂਸ

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਹਿਲੀ ਅਪਰੈਲ ਤੋਂ ਐਂਟਰੀ ਟੈਕਸ (ਦਾਖ਼ਲਾ ਟੈਕਸ) ਵਧਾਉਣ ਦੇ ਫੈਸਲੇ ਨੇ ਦੋਵਾਂ ਸੂਬਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੀ ਹਿਮਾਚਲ ਪ੍ਰਦੇਸ਼ ਵਿੱਚ ਰਜਿਸਟਰਡ ਵਪਾਰਕ ਗੱਡੀਆਂ &rsquoਤੇ ਐਂਟਰੀ ਟੈਕਸ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸਰਕਾਰ ਆਮ ਲੋਕਾਂ &rsquoਤੇ ਬੋਝ ਨਹੀਂ ਪਾਉਣਾ ਚਾਹੁੰਦੀ ਪਰ ਹਿਮਾਚਲ ਦੀਆਂ ਵਪਾਰਕ ਗੱਡੀਆਂ &rsquoਤੇ ਟੈਕਸ ਲਗਾ ਕੇ ਉੱਥੋਂ ਦੀ ਸਰਕਾਰ ਨੂੰ ਲੋਕਾਂ ਦੀ ਤਕਲੀਫ਼ ਦਾ ਅਹਿਸਾਸ ਕਰਵਾਇਆ ਜਾਵੇਗਾ।
ਮੰਤਰੀ ਹਰਜੋਤ ਬੈਂਸ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ &rsquoਤੇ ਟੈਕਸ ਲਗਾਉਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਕਿਉਂਕਿ ਇਹ ਸੜਕਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਅਧੀਨ ਆਉਂਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ ਹਿਮਾਚਲ ਦੇ ਊਨਾ ਤੋਂ ਭਾਜਪਾ ਵਿਧਾਇਕ ਸਤਪਾਲ ਸੱਤੀ ਨੇ ਵੀ ਆਪਣੀ ਹੀ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ।