ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਹਾਈਕੋਰਟ 'ਚ ਪਹੁੰਚਿਆ ਮਾਮਲਾ

ਚੰਡੀਗੜ੍ਹ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ 78 ਸਾਲਾ ਮਾਂ ਭਾਗ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਪੋਸਟਮਾਰਟਮ ਪੰਜਾਬ ਤੋਂ ਬਾਹਰ ਕਰਵਾਉਣ ਦੀ ਮੰਗ ਕੀਤੀ ਹੈ।
ਹਾਈਕੋਰਟ ਵਿੱਚ ਦਾਇਰ ਪਟੀਸ਼ਨ ਅਨੁਸਾਰ, ਗਗਨਦੀਪ ਸਿੰਘ ਰੰਧਾਵਾ ਨੂੰ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੇ ਨਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਟੈਂਡਰ ਜਾਰੀ ਨਾ ਕਰਨ ਕਰਕੇ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ 13 ਮਾਰਚ 2026 ਨੂੰ ਮੰਤਰੀ ਨੇ ਗਗਨਦੀਪ ਨੂੰ ਪੱਟੀ ਸਥਿਤ ਆਪਣੀ ਰਿਹਾਇਸ਼ 'ਤੇ ਬੁਲਾਇਆ, ਜਿੱਥੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਲਜ਼ਾਮ ਹੈ ਕਿ ਮੰਤਰੀ ਅਤੇ ਉਸਦੇ ਸਾਥੀਆਂ ਨੇ ਪਿਸਤੌਲ ਦੀ ਨੋਕ 'ਤੇ ਅਧਿਕਾਰੀ ਕੋਲੋਂ ਇੱਕ ਝੂਠੀ ਵੀਡੀਓ ਰਿਕਾਰਡ ਕਰਵਾਈ, ਜਿਸ ਵਿੱਚ ਉਸ ਨੂੰ ਜ਼ਬਰਦਸਤੀ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੀ ਗੱਲ ਕਬੂਲਣ ਲਈ ਮਜਬੂਰ ਕੀਤਾ ਗਿਆ।