ਪੰਜਾਬ ਦੇ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ (ਪ੍ਰਾਈਵੇਟ) ਸਕੂਲਾਂ ਦੇ ਬਰਾਬਰ ਹੋ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵੱਲ ਕਦੇ ਲੋੜੀਂਦਾ ਧਿਆਨ ਨਹੀਂ ਦਿੱਤਾ, ਜਦੋਂਕਿ ਮੌਜੂਦਾ ਸਰਕਾਰ ਨੇ ਇਸ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਿੱਖਿਆ ਦਾ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ &lsquoਨੈਸ਼ਨਲ ਅਚੀਵਮੈਂਟ ਸਰਵੇ&rsquo ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ &rsquoਤੇ ਰਿਹਾ ਹੈ ਅਤੇ ਕੇਰਲਾ, ਗੁਜਰਾਤ ਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ.ਈ.ਈ. (ਮੇਨ) ਅਤੇ ਨੀਟ (NEET) ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ। ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦਾ ਹੁਣ ਤੱਕ 15,500 ਵਿਦਿਆਰਥੀ ਲਾਭ ਲੈ ਰਹੇ ਹਨ।