ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਚੰਡੀਗੜ੍ਹ/ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ, ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।