ਪੰਜਾਬ BJP ਵੱਲੋਂ Himachal ਦੇ ਐਂਟਰੀ ਟੈਕਸ ਵਿਰੁੱਧ ਕੇਂਦਰ ਦੇ ਦਖਲ ਦੀ ਮੰਗ

ਪੰਜਾਬ ਭਾਜਪਾ ਨੇ ਹਿਮਾਚਲ ਸਰਕਾਰ ਵੱਲੋਂ ਵਾਹਨਾਂ 'ਤੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਟੈਕਸ ਨੂੰ ਗੈਰ-ਕਾਨੂੰਨੀ ਅਤੇ ਜਨਤਾ 'ਤੇ ਵਾਧੂ ਬੋਝ ਦੱਸਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਦਖਲ ਦੇਣ ਦੀ ਅਪੀਲ ਕੀਤੀ ਹੈ। ਇਸ ਟੈਕਸ ਵਿੱਚ ਰਾਸ਼ਟਰੀ ਰਾਜਮਾਰਗਾਂ ਅਤੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨ ਐੱਚ ਏ ਆਈ) ਵੱਲੋਂ ਬਣਾਈਆਂ ਗਈਆਂ ਸੜਕਾਂ ਉੱਤੇ ਚੱਲਣ ਵਾਲੇ ਵਾਹਨ ਵੀ ਸ਼ਾਮਲ ਹਨ।

ਕੇਂਦਰੀ ਮੰਤਰੀ ਨੂੰ ਭੇਜੀ ਗਈ ਇੱਕ ਚਿੱਠੀ ਵਿੱਚ ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਜੋ ਮੁਸਾਫਰਾਂ, ਟਰਾਂਸਪੋਰਟਰਾਂ ਅਤੇ ਗੁਆਂਢੀ ਸੂਬਿਆਂ ਖਾਸ ਕਰਕੇ ਪੰਜਾਬ ਦੇ ਨਿਵਾਸੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।