ਪੰਜਾਬ ਵੀ ਹਿਮਾਚਲ ਦੀਆਂ ਗੱਡੀਆਂ ’ਤੇ ਟੈਕਸ ਲਾਵੇਗਾ: ਬੈਂਸ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੇ ਹਿਮਾਚਲ ਸਰਕਾਰ ਐਂਟਰੀ ਟੈਕਸ ਦਾ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਪੰਜਾਬ ਸਰਕਾਰ ਵੀ ਜਲਦੀ ਹੀ ਹਿਮਾਚਲ ਦੀਆਂ ਗੱਡੀਆਂ &rsquoਤੇ ਰੈਸੀਪਰੋਕਲ ਟੈਕਸ ਲਾਵੇਗੀ। ਇਸ ਸਬੰਧੀ ਅੱਜ ਪੀ ਐੱਸ ਈ ਬੀ ਰੈਸਟ ਹਾਊਸ ਵਿੱਚ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਦਿਆਂ ਮੰਤਰੀ ਬੈਂਸ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ &rsquoਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਟੈਕਸ ਵਾਪਸੀ ਬਾਰੇ ਦਿੱਤਾ ਬਿਆਨ ਲੋਕਾਂ ਨਾਲ ਧੋਖਾ ਹੈ। ਹਿਮਾਚਲ ਸਰਕਾਰ ਵੱਲੋਂ ਹਾਲੇ ਵੀ ਵਧੇ ਹੋਏ ਰੇਟਾਂ ਅਨੁਸਾਰ ਟੈਕਸ ਵਸੂਲਿਆ ਜਾ ਰਿਹਾ ਹੈ। ਟਰਾਂਸਪੋਰਟਰਾਂ ਅਤੇ ਟੈਕਸੀ ਚਾਲਕਾਂ ਨਾਲ ਕੀਤੀ ਜਾ ਰਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਿਮਾਚਲ ਸਰਕਾਰ ਦਾ ਫ਼ੈਸਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਿਮਾਚਲ ਜਾਣ ਵਾਲੀ ਸੰਗਤ ਅਤੇ ਸੈਲਾਨੀਆਂ ਦੀ ਲੁੱਟ ਦਾ ਸਾਧਨ ਹੈ।

ਦੂਜੇ ਪਾਸੇ, ਪੰਜਾਬ ਦੇ ਕਿਸਾਨਾਂ ਅਤੇ ਟਰਾਂਸਪੋਰਟ ਯੂਨੀਅਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਲਿਆ ਹੈ। ਬੀ ਕੇ ਯੂ (ਬਹਿਰਾਮ ਕੇ) ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਸੂਬਾ ਆਗੂ ਕਰਨਵੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਕਿਸਾਨਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਟਰਾਂਸਪੋਰਟ ਸੈਕਟਰ ਵੀ ਇਸ ਵਿੱਚ ਸ਼ਾਮਲ ਹੋ ਗਿਆ ਹੈ। ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਹਿਮਾਚਲ ਸਰਕਾਰ ਸ਼ੁੱਕਰਵਾਰ ਸ਼ਾਮ ਤੱਕ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਸ਼ਨਿਚਰਵਾਰ ਤੋਂ ਕੀਰਤਪੁਰ ਸਾਹਿਬ-ਮਨਾਲੀ ਮਾਰਗ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਸੇਠੀ ਸ਼ਰਮਾ, ਟੈਕਸੀ ਯੂਨੀਅਨ ਨੂਰਪੁਰ ਬੇਦੀ ਦੇ ਪ੍ਰਧਾਨ ਦਰਸ਼ਨ ਸਿੰਘ ਸਣੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।