ਆੜ੍ਹਤੀਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਮਾਨ ਦਾ ਵੱਡਾ ਪੈਂਤੜਾ: ਸਹਿਕਾਰੀ ਸਭਾਵਾਂ ਹੁਣ ਕਰਨਗੀਆਂ ਆੜ੍ਹਤ

ਮੁੱਖ ਮੰਤਰੀ ਭਗਵੰਤ ਮਾਨ ਨੇ ਆੜ੍ਹਤੀਆਂ ਦੀ ਹੜਤਾਲ ਦੌਰਾਨ ਹੁਣ ਪੰਜਾਬ &rsquoਚ ਪੇਂਡੂ ਸਹਿਕਾਰੀ ਸਭਾਵਾਂ ਨੂੰ ਵੀ ਆੜ੍ਹਤ ਦੇ ਕਾਰੋਬਾਰ &rsquoਚ ਉਤਾਰਨ ਦਾ ਪੈਂਤੜਾ ਲਿਆ ਹੈ ਜਿਸ ਨੂੰ ਆੜ੍ਹਤ ਦੇ ਬਦਲਵੇਂ ਪ੍ਰਬੰਧ ਵਜੋਂ ਵੀ ਦੇਖਿਆ ਜਾ ਰਿਹਾ ਹੈ। ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਅੱਜ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਪੇਂਡੂ ਸਹਿਕਾਰੀ ਸਭਾਵਾਂ ਦੀਆਂ ਸੂਚੀ ਤਿਆਰ ਕੀਤੀ ਜਾਵੇ ਜਿਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੇ ਹਿਤ ਆੜ੍ਹਤ ਦੇ ਕਾਰੋਬਾਰ ਦੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।
ਚੇਤੇ ਰਹੇ ਕਿ ਫੈਡਰੇਸ਼ਨ ਆਫ਼ ਆੜ੍ਹਤੀਆਂ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ &rsquoਚ ਆੜ੍ਹਤੀਆਂ ਨੇ ਪਹਿਲੀ ਅਪਰੈਲ ਤੋਂ ਹੜਤਾਲ ਕੀਤੀ ਹੋਈ ਹੈ ਅਤੇ ਉਹ ਢਾਈ ਫ਼ੀਸਦੀ ਆੜ੍ਹਤ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਆੜ੍ਹਤੀਆਂ ਦਾ ਵਫ਼ਦ ਦੋ ਤਿੰਨ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਮਿਲਿਆ ਸੀ ਜਿਸ ਮਗਰੋਂ ਭਗਵੰਤ ਮਾਨ ਨੇ ਆੜ੍ਹਤੀਆਂ ਨੂੰ ਹਰਿਆਣਾ &rsquoਚ ਆੜ੍ਹਤ ਕਰਨ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਸੀ। ਮਾਮਲਾ ਹੁਣ ਭਖਣਾ ਸ਼ੁਰੂ ਹੋ ਗਿਆ ਹੈ ਅਤੇ ਇੱਧਰ ਮੁੱਖ ਮੰਤਰੀ ਮਾਨ ਸਖ਼ਤ ਰੌਂਅ &rsquoਚ ਨਜ਼ਰ ਆ ਰਹੇ ਹਨ।