ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਵਿੱਚ &lsquoਆਪ&rsquo ਦੀ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ &rsquoਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਗਰੀਬੀ ਅਤੇ ਦਿਨੋ-ਦਿਨ ਵਧ ਰਹੀਆਂ ਮੁਸ਼ਕਿਲਾਂ ਲਈ ਕੇਂਦਰ ਸਰਕਾਰ ਨੂੰ ਵੀ ਨਿਸ਼ਾਨੇ &rsquoਤੇ ਲਿਆ।
ਰੈਲੀ ਦੀ ਸ਼ੁਰੂਆਤ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਜੈਤੋ &lsquoਕਮਿਊਨਟੀ ਹੈਲਥ ਸੈਂਟਰ&rsquo ਨੂੰ ਅੱਪਗਰੇਡ ਕਰ ਕੇ ਸਿਵਲ ਹਸਪਤਾਲ ਦਾ ਦਰਜਾ ਦੇਣ ਸਮੇਤ 28.68 ਕਰੋੜ ਦੇ ਪ੍ਰਾਜੈਕਟ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ 13 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਹੋ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫ਼ਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ &rsquoਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।