ਗੜ੍ਹੇਮਾਰੀ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਬਾਂਹ ਫੜੇਗਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ 1.25 ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਤੇ ਇਹਨਾਂ ਕਿਸਾਨਾਂ ਦੀ ਮਦਦ ਵਾਸਤੇ ਅਕਾਲੀ ਦਲ ਪ੍ਰੋਗਰਾਮ ਤੈਅ ਕਰੇਗਾ ਜਦੋਂ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਨੂੰ ਉਹਨਾਂ ਦੇ ਹਾਲ &rsquoਤੇ ਛੱਡ ਦਿੱਤਾ ਹੈ।

ਬੁਢਲਾਡਾ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਪ੍ਰੋਗਰਾਮ ਬਣਾ ਰਹੇ ਹਨ ਕਿ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਹਨਾਂ ਨੇ ਭਲਕੇ ਚੰਡੀਗੜ੍ਹ ਵਿਚ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ ਜਿਸ ਵਿਚ ਸਾਰੇ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਿਸਾਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ 1.25 ਲੱਖ ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ, ਪਰ ਸਰਕਾਰ ਨੇ ਕਿਸਾਨਾਂ ਨੂੰ ਹਾਲੇ ਤੱਕ ਫੌਰੀ ਮੁਆਵਜ਼ਾ ਨਹੀਂ ਦਿੱਤਾ, ਹਾਲਾਂਕਿ ਆਮ ਆਦਮੀ ਪਾਰਟੀ ਨੇ ਇਸ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦੇ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।